ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਆਪ੍ਰੇਸ਼ਨ ਸੀਲ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਰਣਜੀਤ ਸਿੰਘ ਢਿੱਲੋਂ)-‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਨਸ਼ਿਆਂ ਤੇ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਐੱਸ.
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਰਣਜੀਤ ਸਿੰਘ ਢਿੱਲੋਂ)-‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਨਸ਼ਿਆਂ ਤੇ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਵਲੋਂ ਆਪ੍ਰੇਸ਼ਨ ਸੀਲ ਤਹਿਤ ਵਿਸ਼ੇਸ਼ ਸਰਚ ਅਤੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੀਆਂ ਹਰਿਆਣਾ ਤੇ ਰਾਜਸਥਾਨ ਨਾਲ ਲੱਗਦੀਆਂ ਸਰਹੱਦਾਂ ’ਤੇ ਵੱਡੇ ਪੱਧਰ ’ਤੇ ਨਾਕਾਬੰਦੀ ਕਰਕੇ ਦੋਵੇਂ ਰਾਜਾਂ ਦੀ ਪੁਲਿਸ ਨਾਲ ਮਿਲ ਕੇ ਸਾਂਝੀ ਚੈਕਿੰਗ ਕੀਤੀ ਗਈ। ਪੁਲਿਸ ਵਲੋਂ ਇਸ ਮੁਹਿੰਮ ਤਹਿਤ ਕੁੱਲ 13 ਨਾਕੇ ਲਗਾਏ ਗਏ, ਜਿਨ੍ਹਾਂ ਵਿਚ ਹਰਿਆਣਾ ਨਾਲ ਲੱਗਦੀ ਸਰਹੱਦ ’ਤੇ 10 ਅਤੇ ਰਾਜਸਥਾਨ ਨਾਲ ਲੱਗਦੀ ਸਰਹੱਦ ’ਤੇ 3 ਨਾਕੇ ਸ਼ਾਮਿਲ ਸਨ। ਨਾਕਿਆਂ ’ਤੇ ਤਾਇਨਾਤ ਪੁਲਿਸ ਟੀਮਾਂ ਵਲੋਂ ਆਉਣ-ਜਾਣ ਵਾਲੇ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੀ ਵਿਸਥਾਰਪੂਰਵਕ ਤਲਾਸ਼ੀ ਲਈ ਗਈ। ਵਿਸ਼ੇਸ਼ ਚੈਕਿੰਗ ਦੌਰਾਨ ਲਗਭਗ 200 ਦੋਪਹੀਆ ਤੇ ਚਾਰ ਪਹੀਆ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਵਾਹਨਾਂ ਦੀ ਡਿਜੀਟਲ ਐਪ ਰਾਹੀਂ ਤਸਦੀਕ ਕਰਨ ਦੇ ਨਾਲ-ਨਾਲ ਡਰਾਈਵਰਾਂ ਅਤੇ ਸਵਾਰੀਆਂ ਦੀ ਪਛਾਣ ਵੀ ਪੱਕੀ ਕੀਤੀ ਗਈ। ਪੁਲਿਸ ਟੀਮਾਂ ਵਲੋਂ ਸ਼ੱਕੀ ਵਿਅਕਤੀਆਂ ਤੇ ਵਾਹਨਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਗਈ ਤਾਂ ਜੋ ਕੋਈ ਵੀ ਅਪਰਾਧਕ ਤੱਤ ਕਾਨੂੰਨੀ ਕਾਰਵਾਈ ਤੋਂ ਬਚ ਨਾ ਸਕੇ। ਇਸ ਮੁਹਿੰਮ ਦੌਰਾਨ ਡੀ.ਐੱਸ.ਪੀ. ਲੰਬੀ ਹਰਬੰਸ ਸਿੰਘ ਦੀ ਦੇਖ-ਰੇਖ ਹੇਠ ਲਗਪਗ 50 ਪੁਲਿਸ ਅਧਿਕਾਰੀ ਤੇ ਕਰਮਚਾਰੀ ਤਾਇਨਾਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਸੀਲ ਤਹਿਤ ਸਰਹੱਦਾਂ ਰਾਹੀਂ ਆਉਣ-ਜਾਣ ਵਾਲੇ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਦੀ ਸੰਪੂਰਨ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਹੋਰ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਅਜਿਹੀਆਂ ਸਾਂਝੀਆਂ ਅਤੇ ਪ੍ਰਭਾਵਸ਼ਾਲੀ ਚੈਕਿੰਗ ਮੁਹਿੰਮਾਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ।