ਭਾਕਿਯੂ ਏਕਤਾ (ਉਗਰਾਹਾਂ) ਦਾ ਧਰਨਾ 11ਵੇਂ ਦਿਨ ਵੀ ਰਿਹਾ ਜਾਰੀ ਕਵੀ ਅਵਤਾਰ ਸਿੰਘ ਪਾਸ਼ ਦੇ ਜਨਮ ਦਿਨ ਨੂੰ ਸਮਰਪਿਤ ਨਾਟਕਾਂ ਦਾ ਕੀਤਾ ਮੰਚਨ
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਡੀ. ਸੀ.
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਡੀ.ਸੀ. ਦਫ਼ਤਰ ਸਾਹਮਣੇ ਲਗਾਇਆ ਗਿਆ ਪੱਕਾ ਮੋਰਚਾ ਅੱਜ 11ਵੇਂ ਦਿਨ ਵੀ ਜਾਰੀ ਰਿਹਾ। ਅੱਜ ਦੀ ਸਟੇਜ ਕਵੀ ਅਵਤਾਰ ਸਿੰਘ ਪਾਸ਼ ਦੇ ਜਨਮ ਦਿਨ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਕਵੀ ਪਾਸ਼ ਦੇ ਜੀਵਨ ਤੇ ਉਨ੍ਹਾਂ ਦੀਆਂ ਰਚਨਾਵਾਂ ਨੂੰ ਯਾਦ ਕਰਦਿਆਂ ਨਾਟਕਾਂ ਦਾ ਮੰਚਨ ਵੀ ਕੀਤਾ ਗਿਆ। ਆਗੂਆਂ ਨੇ ਪਾਸ਼ ਤੇ ਹੰਸਰਾਜ ਦੀ ਯਾਦਗਾਰ ਨੂੰ ਮਿਟਾਉਣ ਦੀ ਕੋਸ਼ਿਸ਼ ਦੀ ਵੀ ਪੁਰਜ਼ੋਰ ਨਿੰਦਾ ਕੀਤੀ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ, ਸੀਨੀਅਰ ਮੀਤ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ ਅਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਪੰਜਾਬ ਵਿਚ ਬਣੀਆਂ ਵੱਖ-ਵੱਖ ਸਰਕਾਰਾਂ, ਇੱਥੋਂ ਤੱਕ ਕਿ ਮੌਜੂਦਾ ਸਰਕਾਰ ਵਲੋਂ ਵੀ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਵਾਲੀ ਖੇਤੀ ਨੀਤੀ ਨਹੀਂ ਬਣਾਈ ਗਈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਦੇ ਪਾਣੀਆਂ ਦੇ ਮਸਲੇ ਨੂੰ ਦੇਸ਼ ਦੇ ਰਿਪੇਰੀਅਨ ਸਿਧਾਂਤਾਂ ਅਨੁਸਾਰ ਨਿਰਪੱਖ ਉਚ ਮਾਹਿਰਾਂ ਦੀ ਕਮੇਟੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਮੰਗਾਂ ਲਾਗੂ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ, ਧੂਲਕੋਟ ਦੇ ਰਾਜਾ ਸਿੰਘ, ਮਹਾਂਬੱਧਰ ਦੇ ਜਨਰਲ ਸਕੱਤਰ ਸੁਖਰਾਜ ਸਿੰਘ ਰਹੂੜਿਆਂਵਾਲੀ, ਸੀਨੀਅਰ ਮੀਤ ਪ੍ਰਧਾਨ ਹਰਫੂਲ ਸਿੰਘ ਭਾਗਸਰ, ਮਾ. ਗੁਰਚਰਨ ਸਿੰਘ ਗੰਧੜ, ਹਰਚਰਨ ਸਿੰਘ ਲੱਖੇਵਾਲੀ, ਲੰਬੀ ਬਲਾਕ ਦੇ ਮਲਕੀਤ ਸਿੰਘ ਗੱਗੜ, ਮਨੋਹਰ ਸਿੰਘ ਸਿੱਖਵਾਲਾ, ਜੋਗਿੰਦਰ ਸਿੰਘ ਭੁੱਲਰ, ਨਿਸ਼ਾਨ ਸਿੰਘ ਕੱਖਾਂਵਾਲੀ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ।