ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ
ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਮੰਡਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਦੀ ਪ੍ਰਧਾਨਗੀ ਹੇਠ ਪੈਨਸ਼ਨ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਵੱਡੀ ਗਿਣਤੀ ’ਚ ਪੈਨਸ਼ਨਰਾਂ ਅਤੇ ਫ਼ੈਮਲੀ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ।
ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਮੰਡਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਦੀ ਪ੍ਰਧਾਨਗੀ ਹੇਠ ਪੈਨਸ਼ਨ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਵੱਡੀ ਗਿਣਤੀ ’ਚ ਪੈਨਸ਼ਨਰਾਂ ਅਤੇ ਫ਼ੈਮਲੀ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਵਿਛੜੇ ਹੋਏ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੰਡਲ ਸਕੱਤਰ ਵਿਜੈ ਸੋਈ ਨੇ ਮੀਟਿੰਗ ਦੇ ਏਜੰਡੇ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਮੰਡਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਨੇ ਸੂਬਾ ਕਮੇਟੀ ਵਲੋਂ ਉਲੀਕੇ ਗਏ ਪ੍ਰੋਗਰਾਮਾਂ ਤੇ ਜਥੇਬੰਦੀ ਦੇ ਸੰਘਰਸ਼ ਸੰਬੰਧੀ ਜਾਣਕਾਰੀ ਦਿੱਤੀ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਫ਼ੈਸਲਿਆਂ ਨੂੰ ਵੀ ਲਾਗੂ ਕਰਨ ਵਿਚ ਟਾਲ-ਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਵਲੋਂ ਜਥੇਬੰਦੀ ਨੂੰ ਮੀਟਿੰਗ ਲਈ ਸੱਦਣ ਦੇ ਬਾਵਜੂਦ ਖ਼ੁਦ ਮੀਟਿੰਗ ਵਿਚ ਸ਼ਾਮਲ ਨਾ ਹੋਣ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਭਾਰੀ ਰੋਸ ਪੈਦਾ ਹੋਇਆ ਹੈ। ਬੁਲਾਰਿਆਂ ਨੇ ਦੱਸਿਆ ਕਿ ਮੁਲਾਜ਼ਮ ਮੰਚ, ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਤੇ ਤਾਲਮੇਲ ਕਮੇਟੀ ਵਲੋਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 4 ਤੇ 8 ਸਤੰਬਰ ਨੂੰ ਪੂਰਨ ਹੜਤਾਲ ਕੀਤੀ ਗਈ, ਜਦਕਿ 12 ਤੇ 13 ਸਤੰਬਰ ਨੂੰ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸੇ ਕੜੀ ਤਹਿਤ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸ੍ਰੀ ਮੁਕਤਸਰ ਸਾਹਿਬ ਦੇ ਪੈਨਸ਼ਨਰ 12 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਘਿਰਾਓ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਸ ਮੌਕੇ ਬੁਲਾਰਿਆਂ ਨੇ ਫ਼ੀਲਡ ਵਿਚ ਆਪਣੀਆਂ ਮੰਗਾਂ ਅਤੇ ਨਸ਼ਿਆਂ ਸਮੇਤ ਹੋਰ ਮੁੱਦਿਆਂ ’ਤੇ ਸਵਾਲ ਉਠਾਉਣ ਵਾਲੇ ਲੋਕਾਂ ਨਾਲ ਕਥਿਤ ਤੌਰ ’ਤੇ ਕੀਤੇ ਜਾ ਰਹੇ ਧੱਕੇਸ਼ਾਹੀ ਭਰੇ ਵਤੀਰੇ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਸਰਕਾਰ ਤੇ ਮੰਤਰੀਆਂ ਨੂੰ ਸਵਾਲ ਪੁੱਛਣਾ ਹਰ ਨਾਗਰਿਕ ਦਾ ਅਧਿਕਾਰ ਹੈ ਅਤੇ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਜਵਾਬ ਦੇਣਾ ਚਾਹੀਦਾ ਹੈ। ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗ ਪੱਤਰ ਵਿਚ ਦਰਜ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜੋਗਿੰਦਰ ਸਿੰਘ ਮੱਲਣ, ਬੂਟਾ ਸਿੰਘ ਹਰਾਜ, ਜਰਨੈਲ ਸਿੰਘ, ਵਿਜੈ ਸੋਈ, ਜੰਗੀਰ ਸਿੰਘ, ਭਜਨ ਸਿੰਘ, ਬਲਜੀਤ ਸਿੰਘ ਬਰਾੜ, ਮੇਜਰ ਸਿੰਘ, ਰਾਮਸਰਨ ਅਤੇ ਸੁਰਿੰਦਰ ਸਿੰਘ ਸਮੇਤ ਹੋਰ ਪੈਨਸ਼ਨਰ ਹਾਜ਼ਰ ਸਨ।