ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਦਿਨ - ਰਾਤ ਦਾ ਮੋਰਚਾ 16 ਵੇਂ ਦਿਨ ’ ਚ ਦਾਖ਼ਲ
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਸੰਬੰਧੀ ਪੰਜਾਬ ਸਰਕਾਰ ਦੀ ਚੁੱਪ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਗਾਇਆ ਗਿਆ ਦਿਨ-ਰਾਤ ਦਾ ਮੋਰਚਾ ਅੱਜ 16ਵੇਂ ਦਿਨ ਵਿਚ ਦਾਖ਼ਲ ਹੋ ਗਿਆ। ਇਸ ਮੌਕੇ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਦਾ ਮੁਕੰਮਲ ਘਿਰਾਓ ਕਰਦਿਆਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਸੰਬੰਧੀ ਪੰਜਾਬ ਸਰਕਾਰ ਦੀ ਚੁੱਪ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਗਾਇਆ ਗਿਆ ਦਿਨ-ਰਾਤ ਦਾ ਮੋਰਚਾ ਅੱਜ 16ਵੇਂ ਦਿਨ ਵਿਚ ਦਾਖ਼ਲ ਹੋ ਗਿਆ। ਇਸ ਮੌਕੇ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਦਾ ਮੁਕੰਮਲ ਘਿਰਾਓ ਕਰਦਿਆਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਡੀ.ਸੀ. ਦਫ਼ਤਰ ਅੱਗੇ ਇਕੱਠੇ ਹੋਏ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਹਰਫੂਲ ਸਿੰਘ ਭਾਗਸਰ, ਲੰਬੀ ਬਲਾਕ ਦੇ ਜਨਰਲ ਸਕੱਤਰ ਮਲਕੀਤ ਸਿੰਘ ਗੱਗੜ, ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਜੇਕਰ ਕਾਨੂੰਨ ਸਭ ਲਈ ਬਰਾਬਰ ਹੈ ਤਾਂ ਲੈਂਡ ਸੀਲਿੰਗ ਐਕਟ 1972 ਨੂੰ ਅੱਜ ਤੱਕ ਲਾਗੂ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵਲੋਂ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ, ਕਰ-ਮੁਕਤ ਡੇਅਰੀ ਫਾਰਮਿੰਗ, ਲੈਂਡ ਪੂਲਿੰਗ ਨੀਤੀ ਅਤੇ ਨਿੱਜੀਕਰਨ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਹ ਨਾਕਾਮੀ ਕਿਸੇ ਬੇਵੱਸੀ ਕਾਰਨ ਨਹੀਂ, ਸਗੋਂ ਸਰਕਾਰਾਂ ਦੀਆਂ ਜਗੀਰਦਾਰਾਂ, ਸੂਦਖੋਰਾਂ ਤੇ ਸਾਮਰਾਜ ਪੱਖੀ ਨੀਤੀਆਂ ਦਾ ਨਤੀਜਾ ਹੈ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕਿਸਾਨ-ਮਜ਼ਦੂਰ ਲਹਿਰ ਨੂੰ ਆਗੂ ਰਹਿਤ ਕਰਨ ਦੇ ਮਨਸੂਬਿਆਂ ਤਹਿਤ ਅੰਦੋਲਨਾਂ ਦੌਰਾਨ ਅਤੇ ਪਰਾਲੀ ਸਾੜਨ ਨਾਲ ਸੰਬੰਧਿਤ ਕਿਸਾਨਾਂ ਤੇ ਮਜ਼ਦੂਰਾਂ ’ਤੇ ਦਰਜ ਕੀਤੇ ਪੁਲਿਸ ਕੇਸ, ਵਾਰ-ਵਾਰ ਕੀਤੇ ਵਾਅਦਿਆਂ ਦੇ ਬਾਵਜੂਦ, ਵਾਪਸ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਮੁੜ ਲੈਂਡ ਪੂਲਿੰਗ ਨੀਤੀ ਲਿਆ ਰਹੀ ਹੈ, ਜਿਸ ਨੂੰ ਸੰਘਰਸ਼ਸ਼ੀਲ ਜਥੇਬੰਦੀਆਂ ਕਦਾਚਿਤ ਲਾਗੂ ਨਹੀਂ ਹੋਣ ਦੇਣਗੀਆਂ। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਵਲੋਂ ਮੰਗਾਂ ਲਾਗੂ ਨਾ ਕੀਤੀਆਂ ਗਈਆਂ ਤਾਂ 24 ਸਤੰਬਰ ਨੂੰ ਮੁੜ ਡੀ.ਸੀ. ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੰਗਾਂ ਲਾਗੂ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ, ਅੰਗਰੇਜ਼ ਸਿੰਘ ਫ਼ੌਜੀ, ਬਿੱਟੂ ਮੱਲਣ, ਜਸਕਰਨ ਸਿੰਘ, ਜਗਸੀਰ ਸਿੰਘ, ਜਗਸੀਰ ਸਿੰਘ ਘਾਲੀ ਖ਼ਾਲਸਾ ਕੋਟਲੀ ਅਬਲੂ, ਮੱਘਰ ਸਿੰਘ ਕੋਟਲੀ, ਭੋਲਾ ਸਿੰਘ, ਮਿੱਠੂ ਸਿੰਘ, ਪ੍ਰੇਮੀ ਬੁੱਟਰ ਸ਼ਰੀਂਹ, ਲੰਬੀ ਬਲਾਕ ਦੇ ਵਿੱਤ ਸਕੱਤਰ ਮਨੋਹਰ ਸਿੰਘ ਸਿੱਖਵਾਲਾ, ਡਾ. ਹਰਪਾਲ ਸਿੰਘ ਕਿੱਲਿਆਂਵਾਲੀ, ਸੁਖਦੇਵ ਸਿੰਘ, ਬੋਹੜ ਸਿੰਘ, ਮਲੋਟ, ਕੁਲਦੀਪ ਸਿੰਘ ਕਰਮਗੜ੍ਹ, ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ, ਜਨਰਲ ਸਕੱਤਰ ਸੁਖਰਾਜ ਸਿੰਘ ਰਹੂੜਿਆਂਵਾਲੀ, ਗੁਰਚਰਨ ਸਿੰਘ ਗੰਧੜ, ਕੁਲਵੀਰ ਸਿੰਘ ਭਾਗਸਰ, ਖੁਸ਼ਹਾਲ ਸਿੰਘ ਵੰਗਲ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ।