ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਪਿੰਡਾਂ ਵਿਚ ਮੀਟਿੰਗਾਂ
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਕਿਸਾਨੀ ਤੇ ਆਮ ਲੋਕਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਥੇਬੰਦੀ ਦੇ ਆਗੂਆਂ ਵਲੋਂ ਪਿੰਡਾਂ ਵਿਚ ਪਹੁੰਚ ਕੇ ਕਿਸਾਨਾਂ ਤੇ ਲੋਕਾਂ ਨਾਲ ਮੌਜੂਦਾ ਹਾਲਾਤ ਅਤੇ ਕਿਸਾਨੀ ਨਾਲ ਜੁੜੇ ਮੁੱਦਿਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਕਿਸਾਨੀ ਤੇ ਆਮ ਲੋਕਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਥੇਬੰਦੀ ਦੇ ਆਗੂਆਂ ਵਲੋਂ ਪਿੰਡਾਂ ਵਿਚ ਪਹੁੰਚ ਕੇ ਕਿਸਾਨਾਂ ਤੇ ਲੋਕਾਂ ਨਾਲ ਮੌਜੂਦਾ ਹਾਲਾਤ ਅਤੇ ਕਿਸਾਨੀ ਨਾਲ ਜੁੜੇ ਮੁੱਦਿਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਾਕ ਜਨਰਲ ਸਕੱਤਰ ਸਰਬਜੀਤ ਸਿੰਘ ਭਾਗਸਰ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ ਹਨ। ਇਨ੍ਹਾਂ ਮੀਟਿੰਗਾਂ ਵਿਚ ਕਿਸਾਨਾਂ ਨੂੰ ਲੈਂਡ ਮਾਰਗੇਜ ਬੈਂਕ ਦੇ ਧਰਨੇ ਅਤੇ ਭਾਰਤ-ਅਮਰੀਕਾ ਟਰੇਡ ਡੀਲ ਸਮੇਤ ਹੋਰ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਕਿਸਾਨੀ ਤੇ ਆਮ ਵਰਗ ਨਾਲ ਸੰਬੰਧਿਤ ਮਸਲਿਆਂ ਪ੍ਰਤੀ ਜਾਗਰੂਕ ਕਰਨਾ ਅਤੇ ਸਰਕਾਰ ਦੀਆਂ ਨੀਤੀਆਂ ਬਾਰੇ ਵਿਚਾਰ-ਵਟਾਂਦਰਾ ਕਰਨਾ ਹੈ। ਸਰਬਜੀਤ ਸਿੰਘ ਭਾਗਸਰ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨੀ ਨੂੰ ਦਰਪੇਸ਼ ਸਮੱਸਿਆਵਾਂ ਦੇ ਸਥਾਈ ਹੱਲ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਰਕਾਰ ਵਲੋਂ ਲੋੜੀਂਦੇ ਸਾਰਥਿਕ ਉਪਰਾਲੇ ਨਹੀਂ ਕੀਤੇ ਜਾ ਰਹੇ, ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੀ ਆਰਥਿਕਤਾ ਤੇ ਖ਼ੁਰਾਕ ਸੁਰੱਖਿਆ ਵਿਚ ਕਿਸਾਨਾਂ ਦਾ ਅਹਿਮ ਯੋਗਦਾਨ ਹੈ, ਇਸ ਲਈ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਖੇਤੀ ਲਾਗਤਾਂ ਘਟਾਉਣ, ਫ਼ਸਲਾਂ ਦੇ ਵਾਜਬ ਭਾਅ ਯਕੀਨੀ ਬਣਾਉਣ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ਵੱਲ ਸਰਕਾਰ ਨੂੰ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਪਿੰਡ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਅੱਗੇ ਵੀ ਜਾਰੀ ਰੱਖਿਆ ਜਾਵੇਗਾ ਅਤੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਦਿਆਂ ਜਥੇਬੰਦ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਬੋਦੀਵਾਲਾ, ਜ਼ਿਲ੍ਹਾ ਆਗੂ ਬੇਅੰਤ ਸਿੰਘ ਦੋਦਾ, ਜਗਮੀਤ ਸਿੰਘ ਝੋਰੜ ਤੋਂ ਇਲਾਵਾ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।