ਗੁਰੂ ਨਾਨਕ ਕਾਲਜ ਵਿਖੇ ਐਜੂਕੇਟ ਪੰਜਾਬ ਪ੍ਰੋਜੈਕਟ ਵਲੋਂ ਵਿਸ਼ੇਸ਼ ਪ੍ਰਸਾਰ ਭਾਸ਼ਨ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਧਰਮ ਅਧਿਐਨ ਵਿਭਾਗ ਵਲੋਂ ਕਾਲਜ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਦੀ ਪ੍ਰੇਰਨਾ ਸਦਕਾ ਵਿਸ਼ੇਸ਼ ਪ੍ਰਸਾਰ ਭਾਸ਼ਣ ਕਰਵਾਇਆ ਗਿਆ।
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਧਰਮ ਅਧਿਐਨ ਵਿਭਾਗ ਵਲੋਂ ਕਾਲਜ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਦੀ ਪ੍ਰੇਰਨਾ ਸਦਕਾ ਵਿਸ਼ੇਸ਼ ਪ੍ਰਸਾਰ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ‘ਐਜੂਕੇਟ ਪੰਜਾਬ ਪ੍ਰੋਜੈਕਟ’ ਦੇ ਸੰਚਾਲਕ ਭਾਈ ਜਸਵਿੰਦਰ ਸਿੰਘ ਖ਼ਾਲਸਾ (ਯੂ.ਕੇ. ਵਾਲੇ) ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਭਾਈ ਜਸਵਿੰਦਰ ਸਿੰਘ ਖ਼ਾਲਸਾ ਨੇ ਆਪਣੇ ਸੰਬੋਧਨ ਦੌਰਾਨ ਆਪਣੀ ਜ਼ਿੰਦਗੀ ਦੀਆਂ ਪ੍ਰੇਰਨਾਦਾਇਕ ਘਟਨਾਵਾਂ ਨੂੰ ਗੁਰਮਤਿ ਨਾਲ ਜੋੜਦਿਆਂ ਵਿਦਿਆਰਥੀਆਂ ਨੂੰ ਸਹਿਜ ਪਾਠ ਕਰਨ, ਗੁਰਮਤਿ ਦੇ ਧਾਰਨੀ ਬਣਨ ਅਤੇ ਸਿੱਖੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਨੂੰ ਸਫ਼ਲ ਤੇ ਚੰਗੇ ਆਚਰਨ ਵਾਲਾ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਭਾਈ ਜਸਵਿੰਦਰ ਸਿੰਘ ਖ਼ਾਲਸਾ ਵਲੋਂ ਅਹਿਮ ਐਲਾਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕੋਈ ਲੋੜਵੰਦ ਵਿਦਿਆਰਥੀ, ਜਿਸ ਦੇ ਪਰਿਵਾਰਕ ਹਾਲਾਤ ਪੜ੍ਹਾਈ ਦਾ ਖ਼ਰਚਾ ਚੁੱਕਣ ਦੇ ਸਮਰੱਥ ਨਹੀਂ ਹਨ, ਗੁਰਮਤਿ ਦੇ ਧਾਰਨੀ ਬਣਨ ਲਈ ਤਿਆਰ ਹੁੰਦਾ ਹੈ ਤਾਂ ਅਜਿਹੇ ਵਿਦਿਆਰਥੀ ਦੀ ਪੜ੍ਹਾਈ ਦਾ ਪੂਰਾ ਖ਼ਰਚਾ ‘ਐਜੂਕੇਟ ਪੰਜਾਬ ਪ੍ਰੋਜੈਕਟ’ ਵਲੋਂ ਚੁੱਕਿਆ ਜਾਵੇਗਾ। ਉਨ੍ਹਾਂ ਦੇ ਇਸ ਐਲਾਨ ਦਾ ਹਾਜ਼ਰ ਵਿਦਿਆਰਥੀਆਂ ਵਲੋਂ ਸਵਾਗਤ ਕੀਤਾ ਗਿਆ। ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਨੇ ਭਾਈ ਜਸਵਿੰਦਰ ਸਿੰਘ ਖ਼ਾਲਸਾ ਵਲੋਂ ਵਿਦਿਆਰਥੀਆਂ ਨੂੰ ਗੁਰਮਤਿ, ਨੈਤਿਕ ਕਦਰਾਂ-ਕੀਮਤਾਂ ਅਤੇ ਸਿੱਖਿਆ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਵਿਰਸੇ, ਸੱਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਧਰਮ ਅਧਿਐਨ ਵਿਭਾਗ ਦਾ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ। ਅੰਤ ਵਿਚ ਪ੍ਰਬੰਧਕਾਂ ਵਲੋਂ ਮੁੱਖ ਬੁਲਾਰੇ ਅਤੇ ਸਮਾਗਮ ਵਿਚ ਸ਼ਾਮਿਲ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।