ਜੈਤੋ ਦੇ ਅਸਮਾਨ ’ਚ ਡਰੋਨ ਰਾਹੀਂ ਉਕੇਰੀਆਂ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ
ਜੈਤੋ, 30 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਖੇਡ ਸਟੇਡੀਅਮ ਜੈਤੋ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਅਸਮਾਨ ਵਿਚ ਰੌਸ਼ਨੀਆਂ ਨਾਲ ਬਣੀਆਂ ਵੱਖ-ਵੱਖ ਆਕ੍ਰਿਤੀਆਂ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ।
ਜੈਤੋ, 30 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਖੇਡ ਸਟੇਡੀਅਮ ਜੈਤੋ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਅਸਮਾਨ ਵਿਚ ਰੌਸ਼ਨੀਆਂ ਨਾਲ ਬਣੀਆਂ ਵੱਖ-ਵੱਖ ਆਕ੍ਰਿਤੀਆਂ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ। ਇਸ ਵਿਲੱਖਣ ਪੇਸ਼ਕਾਰੀ ਨੂੰ ਦੇਖਣ ਲਈ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ, ਜਿਨ੍ਹਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਡਰੋਨ ਸ਼ੋਅ ਦਾ ਆਨੰਦ ਮਾਣਿਆ। ਇਸ ਮੌਕੇ ਸੁਰਿੰਦਰ ਸਿੰਘ ਪਾਰਸ ਦੇ ਢਾਡੀ ਜਥੇ ਵਲੋਂ ਢਾਡੀ ਵਾਰਾਂ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਵਿਚਾਰਧਾਰਾ ਅਤੇ ਬਰਾਬਰੀ, ਭਾਈਚਾਰਕ ਸਾਂਝ ਤੇ ਮਨੁੱਖੀ ਸਨਮਾਨ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਢਾਡੀ ਵਾਰਾਂ ਦੀ ਗੂੰਜ ਅਤੇ ਅਸਮਾਨ ਵਿਚ ਚਮਕਦੀਆਂ ਰੌਸ਼ਨ ਆਕ੍ਰਿਤੀਆਂ ਨੇ ਸਮੁੱਚੇ ਮਾਹੌਲ ਨੂੰ ਰੂਹਾਨੀ ਰੰਗਤ ਪ੍ਰਦਾਨ ਕੀਤੀ। ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸੂਬੇ ਭਰ ਵਿਚ ਡਰੋਨ ਸ਼ੋਅ, ਡਾਕੂਮੈਂਟਰੀਆਂ ਅਤੇ ਹੋਰ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਡਰੋਨਾਂ ਰਾਹੀਂ ਕੀਤੀ ਗਈ ਇਹ ਪੇਸ਼ਕਾਰੀ ਗੁਰੂ ਰਵਿਦਾਸ ਜੀ ਨੂੰ ਢੁਕਵੀਂ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਵਲੋਂ ਦਿੱਤੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਅਜਿਹੇ ਸਮਾਗਮਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ ਵਿਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਨੌਜਵਾਨਾਂ ਅਤੇ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਮਹਾਨ ਫ਼ਲਸਫ਼ੇ ਤੋਂ ਸੇਧ ਲੈ ਕੇ ਬਰਾਬਰੀ, ਸਾਂਝ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮਨਪ੍ਰੀਤ ਕੌਰ ਧਰਮ ਪਤਨੀ ਵਿਧਾਇਕ ਅਮੋਲਕ ਸਿੰਘ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨ ਵੀਰਪਾਲ ਕੌਰ, ਨਗਰ ਕੌਂਸਲ ਜੈਤੋ ਦੀ ਪ੍ਰਧਾਨ ਨਿਰਮਲਾ ਦੇਵੀ, ਐਸ.ਡੀ.ਐਮ. ਜੈਤੋ ਵਰਿੰਦਰ ਸਿੰਘ, ਨਾਇਬ ਤਹਿਸੀਲਦਾਰ ਅਮਨਦੀਪ ਸਿੰਘ, ਟਰੱਕ ਯੂਨੀਅਨ ਦੇ ਪ੍ਰਧਾਨ ਹਰਸਿਮਰਨ ਮਲਹੋਤਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।