ਸੀ.ਪੀ.ਆਈ. (ਐਮ.) ਨੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੀ. ਪੀ.
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੀ.ਪੀ.ਆਈ. (ਐਮ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ- ਫ਼ਰੀਦਕੋਟ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਪੀ.ਏ. ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਰਾਹੀਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਚਾਰ ਕਿਰਤ ਕੋਡ ਰੱਦ ਕਰਕੇ ਪੁਰਾਣੇ ਕਿਰਤ ਕਾਨੂੰਨ ਬਹਾਲ ਕਰਨ, ‘ਵੀ.ਬੀ.-ਜੀ. ਰਾਮ ਜੀ’ ਕਾਨੂੰਨ ਰੱਦ ਕਰਕੇ ਮਨਰੇਗਾ ਕਾਨੂੰਨ ਬਹਾਲ ਕਰਨ ਅਤੇ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਵਧਦੀ ਮਹਿੰਗਾਈ ’ਤੇ ਕਾਬੂ ਪਾਉਣ, ਚੰਡੀਗੜ੍ਹ ਪੰਜਾਬ ਨੂੰ ਦੇਣ, ਦਰਿਆਈ ਪਾਣੀਆਂ ਦੀ ਨਿਆਂਪੂਰਨ ਵੰਡ ਕਰਨ ਅਤੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਵਿਚ ਸੁਧਾਰ ਕਰਨ ਦੀ ਮੰਗ ਵੀ ਰੱਖੀ ਗਈ। ਆਗੂਆਂ ਨੇ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ, ਰੇਤ-ਬਜਰੀ ਦੀਆਂ ਕੀਮਤਾਂ ਘਟਾਉਣ, ਬੁਢਾਪਾ ਤੇ ਵਿਧਵਾ ਪੈਨਸ਼ਨ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਅਤੇ ਬੇਰੁਜ਼ਗਾਰਾਂ ਨੂੰ 10 ਹਜ਼ਾਰ ਰੁਪਏ ਮਹੀਨਾ ਭੱਤਾ ਦੇਣ ਦੀ ਮੰਗ ਵੀ ਕੀਤੀ। ਇਸ ਮੌਕੇ ਪਾਰਟੀ ਤਹਿਸੀਲ ਕਮੇਟੀ ਦੇ ਸਕੱਤਰ ਕਾਮਰੇਡ ਤਰਸੇਮ ਲਾਲ, ਬਰਾਂਚ ਸਕੱਤਰ ਕਾਮਰੇਡ ਰਾਜ ਕੁਮਾਰ, ਕਿਸਾਨ ਸਭਾ ਦੇ ਆਗੂ ਕਾਮਰੇਡ ਲਛਮਣ ਸਿੰਘ, ਧਰਮਪਾਲ ਝਬੇਲਵਾਲੀ, ਗੁਰਦਾਸ ਸਿੰਘ, ਹਰਵਿੰਦਰ ਪਾਲ, ਰਜਨੀਸ਼ ਪਠੇਲਾ , ਮਲਕੀਤ ਸਿੰਘ, ਜੰਗੀਰ ਸਿੰਘ ਫ਼ੱਤਣਵਾਲਾ, ਮੱਖਣ ਸਿੰਘ, ਕਰਨੈਲ ਸਿੰਘ ਧਿਗਾਣਾ ਆਦਿ ਹਾਜ਼ਰ ਸਨ।