ਅੰਬੇਡਕਰ ਪੋਰਟਲ ਬੰਦ ਕਰਨ ਖ਼ਿਲਾਫ਼ ਵਿਦਿਆਰਥੀਆਂ ’ਚ ਭਾਰੀ ਰੋਸ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮੁੱਦੇ ’ਤੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸੰਘਰਸ਼ ਦਾ ਐਲਾਨ
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੂਡੈਂਟਸ ਯੂਨੀਅਨ (ਪੀ. ਐਸ.
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੂਡੈਂਟਸ ਯੂਨੀਅਨ (ਪੀ.ਐਸ.ਯੂ.) ਦੀ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਇਕਾਈ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਢਿੱਲਵਾਂ ਅਤੇ ਕਾਲਜ ਇਕਾਈ ਪ੍ਰਧਾਨ ਨੌਨਿਹਾਲ ਸਿੰਘ ਥਾਂਦੇਵਾਲਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਚੱਲਦੇ ਅੰਬੇਦਕਰ ਪੋਰਟਲ ਨੂੰ ਬੰਦ ਕਰਕੇ ਨੈਸ਼ਨਲ ਸਕਾਲਰਸ਼ਿਪ ਪੋਰਟਲ ’ਤੇ ਤਬਦੀਲ ਕਰਨ ਦੀ ਨਿਖੇਧੀ ਕਰਦਿਆਂ ਇਸ ਫ਼ੈਸਲੇ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਅਨੁਸਾਰ ਪਹਿਲਾਂ ਅੰਬੇਦਕਰ ਪੋਰਟਲ ਰਾਹੀਂ ਸਪਲੀ ਵਾਲੇ ਵਿਦਿਆਰਥੀਆਂ ਨੂੰ ਵੀ ਸਕਾਲਰਸ਼ਿਪ ਮਿਲਦੀ ਸੀ ਅਤੇ 50 ਫ਼ੀਸਦੀ ਨਤੀਜੇ ਦੀ ਸ਼ਰਤ ਪੂਰੀ ਕਰਨ ਵਾਲੇ ਵਿਦਿਆਰਥੀ ਇਸ ਦੇ ਹੱਕਦਾਰ ਹੁੰਦੇ ਸਨ। ਹੁਣ ਕਾਲਜਾਂ ਵਲੋਂ ਸਪਲੀ ਵਾਲੇ ਵਿਦਿਆਰਥੀਆਂ ਦੇ ਫਾਰਮ ਜਮ੍ਹਾਂ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸੰਬੰਧੀ ਭਲਾਈ ਵਿਭਾਗ ਜਾਂ ਮੁੱਖ ਨੋਡਲ ਅਫ਼ਸਰ ਵਲੋਂ ਕੋਈ ਲਿਖ਼ਤੀ ਹਦਾਇਤ ਜਾਰੀ ਨਹੀਂ ਕੀਤੀ ਗਈ ਅਤੇ ਕਾਲਜਾਂ ਨੂੰ ਮੌਖਿਕ ਤੌਰ ’ਤੇ ਹੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਆਗੂਆਂ ਨੇ ਦੋਸ਼ ਲਗਾਇਆ ਕਿ ਇਸ ਫ਼ੈਸਲੇ ਨਾਲ ਗ਼ਰੀਬ ਤੇ ਦਲਿਤ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਪ੍ਰਭਾਵਿਤ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਲਗਪਗ 88 ਫ਼ੀਸਦੀ ਵਿਦਿਆਰਥੀਆਂ ਦੀ ਕਿਸੇ ਨਾ ਕਿਸੇ ਵਿਸ਼ੇ ਵਿਚ ਸਪਲੀ ਸੀ ਅਤੇ ਨਵੀਆਂ ਹਦਾਇਤਾਂ ਕਾਰਨ ਵੱਡੀ ਗਿਣਤੀ ਵਿਚ ਵਿਦਿਆਰਥੀ ਸਕਾਲਰਸ਼ਿਪ ਤੋਂ ਵਾਂਝੇ ਹੋ ਸਕਦੇ ਹਨ। ਵਿਦਿਆਰਥੀ ਆਗੂਆਂ ਨੇ ਸਿੱਖਿਆ ਦੇ ਕੇਂਦਰੀਕਰਨ, ਯੂਨੀਵਰਸਿਟੀਆਂ ਦੀਆਂ ਗ੍ਰਾਂਟਾਂ ਵਿਚ ਕਮੀ ਅਤੇ ਫ਼ੀਸਾਂ ’ਚ ਵਾਧੇ ਸੰਬੰਧੀ ਵੀ ਸਰਕਾਰਾਂ ਦੀ ਆਲੋਚਨਾ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅੰਬੇਦਕਰ ਪੋਰਟਲ ਬੰਦ ਕਰਨ ਦਾ ਫ਼ੈਸਲਾ ਵਾਪਸ ਨਾ ਲਿਆ ਗਿਆ ਤਾਂ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਕਾਲਜ ਇਕਾਈ ਦੇ ਮੀਤ ਪ੍ਰਧਾਨ ਸ਼ਿਵਮ, ਖ਼ਜ਼ਾਨਚੀ ਜੈਸਮੀਨ, ਰੁਕਸਾਨਾ, ਸੋਸ਼ਲ ਮੀਡੀਆ ਸਕੱਤਰ ਖ਼ੁਸ਼ਵਿੰਦਰ, ਹਰਪ੍ਰੀਤ ਕੋਟਲੀ ਦੇਵਨ, ਕਰਨ, ਰਾਮਪ੍ਰੀਤ, ਕ੍ਰਿਸ਼ਨ ਸਮੇਤ ਕਮੇਟੀ ਮੈਂਬਰ ਹਾਜ਼ਰ ਸਨ।