ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਲੈਣ ਵਾਸਤੇ ਅਰਜ਼ੀਆਂ ਦੀ ਮੰਗ
ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰਾਂ ਮੌਕੇ ਪਟਾਕਿਆਂ ਦੀ ਵਿਕਰੀ ਨੂੰ ਨਿਯਮਬੱਧ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਰਜ਼ੀ ਲਾਇਸੰਸ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਚਾਹਵਾਨ ਵਿਅਕਤੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰਾਂ ਮੌਕੇ ਪਟਾਕਿਆਂ ਦੀ ਵਿਕਰੀ ਨੂੰ ਨਿਯਮਬੱਧ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਰਜ਼ੀ ਲਾਇਸੰਸ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਚਾਹਵਾਨ ਵਿਅਕਤੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਪਟਾਕਿਆਂ ਦੀ ਵਿਕਰੀ ਲਈ ਵੱਖ-ਵੱਖ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਇਨ੍ਹਾਂ ਥਾਵਾਂ ’ਤੇ ਨਿਰਧਾਰਤ ਪ੍ਰਕਿਰਿਆ ਅਨੁਸਾਰ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪਟਾਕਿਆਂ ਦੀ ਵਿਕਰੀ ਲਈ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 19 ਤੋਂ 23 ਅਕਤੂਬਰ ਤੱਕ ਸ਼ਾਮ 5 ਵਜੇ ਤੱਕ ਸੰਬੰਧਿਤ ਸਬ ਡਵੀਜ਼ਨ ਦੇ ਸੇਵਾ ਕੇਂਦਰਾਂ ਵਿਚ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ। ਲਾਇਸੰਸ ਜਾਰੀ ਕਰਨ ਲਈ 30 ਅਕਤੂਬਰ ਨੂੰ ਬਾਅਦ ਦੁਪਹਿਰ 3:30 ਵਜੇ ਡਰਾਅ ਕੱਢਿਆ ਜਾਵੇਗਾ। ਨਿਰਧਾਰਤ ਆਖ਼ਰੀ ਮਿਤੀ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ’ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਹਲਕੇ ਵਿਚ ਪਟਾਕਿਆਂ ਦੀ ਵਿਕਰੀ ਲਈ ਮੰਡੀ ਲੱਖੇਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਖੇਡ ਮੈਦਾਨ, ਮੰਡੀ ਬਰੀਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਅਤੇ ਗੁਰੂ ਨਾਨਕ ਕਾਲਜ ਟਿੱਬੀ ਸਾਹਿਬ ਰੋਡ ਦੇ ਸਾਹਮਣੇ ਖ਼ਾਲੀ ਥਾਂ ਨਿਰਧਾਰਤ ਕੀਤੀ ਗਈ ਹੈ। ਇਸ ਤੋਂ ਇਲਾਵਾ ਬਠਿੰਡਾ ਰੋਡ ’ਤੇ ਕੈਨਾਲ ਕਾਲੋਨੀ ਦੇ ਸਾਹਮਣੇ ਵਾਲੀ ਥਾਂ, ਅਬੋਹਰ ਰੋਡ ’ਤੇ ਨਗਰ ਕੌਂਸਲ ਦਫ਼ਤਰ ਦੇ ਸਾਹਮਣੇ ਤੇ ਬਰਾੜ ਟਾਇਰਜ਼ ਦੇ ਸਾਹਮਣੇ ਮਾਰਕਿਟ ਕਮੇਟੀ ਦੀ ਜਗ੍ਹਾ ਵੀ ਪਟਾਕਿਆਂ ਦੀ ਵਿਕਰੀ ਲਈ ਨਿਰਧਾਰਤ ਕੀਤੀ ਗਈ ਹੈ। ਹਲਕਾ ਮਲੋਟ ਵਿੱਚ ਪੁੱਡਾ ਕਾਲੋਨੀ ਮਲੋਟ, ਚੌਂਕ ਪੰਨੀਵਾਲਾ ਫੱਤਾ ਨੇੜੇ ਪੰਚਾਇਤ ਮਾਰਕਿਟ, ਥਾਣਾ ਲੰਬੀ ਦੇ ਨਾਲ ਲੱਗਦਾ ਦਸਮੇਸ਼ ਸਪੋਰਟਸ ਕਲੱਬ ਤੇ ਮੰਡੀ ਕਿੱਲਿਆਂਵਾਲੀ ਵਿਖੇ ਮੰਡੀ ਬੋਰਡ ਦੀ ਜਗ੍ਹਾ ਪਟਾਕਿਆਂ ਦੀ ਵਿਕਰੀ ਲਈ ਨਿਰਧਾਰਤ ਕੀਤੀ ਗਈ ਹੈ। ਹਲਕਾ ਗਿੱਦੜਬਾਹਾ ਵਿਚ ਅਗਰਸੈਨ ਧਰਮਸ਼ਾਲਾ ਦੇ ਨੇੜੇ ਭਾਰੂ ਚੌਕ ਵਿਖੇ ਡੀ.ਏ.ਵੀ. ਹਾਈ ਸਕੂਲ ਦਾ ਖੇਡ ਮੈਦਾਨ ਪਟਾਕਿਆਂ ਦੀ ਵਿਕਰੀ ਲਈ ਨਿਰਧਾਰਤ ਕੀਤਾ ਗਿਆ ਹੈ। ਇਸੇ ਤਰ੍ਹਾਂ ਦੋਦਾ ਵਿਖੇ ਬਾਬਾ ਧਿਆਨ ਦਾਸ ਦੇ ਡੇਰੇ ਦੀ ਜਗ੍ਹਾ ਵੀ ਇਸ ਮੰਤਵ ਲਈ ਨਿਰਧਾਰਤ ਕੀਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੰਸ ਵਾਸਤੇ ਅਰਜ਼ੀ ਫਾਰਮ ਸੰਬੰਧਿਤ ਸੇਵਾ ਕੇਂਦਰਾਂ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਚਾਹਵਾਨ ਵਿਅਕਤੀ ਆਪਣੀਆਂ ਅਰਜ਼ੀਆਂ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ ਦੇ ਸੇਵਾ ਕੇਂਦਰਾਂ ਵਿਚ ਨਿਰਧਾਰਤ ਸਮੇਂ ਅੰਦਰ ਜਮ੍ਹਾਂ ਕਰਵਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਆਰਜ਼ੀ ਲਾਇਸੰਸ ਤੋਂ ਬਿਨਾਂ ਜੇਕਰ ਕੋਈ ਵਿਅਕਤੀ ਪਟਾਕੇ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਚਾਹਵਾਨ ਦੁਕਾਨਦਾਰਾਂ ਤ ਹੋਰ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਅਤੇ ਸਮੇਂ ਸਿਰ ਅਰਜ਼ੀਆਂ ਜਮ੍ਹਾਂ ਕਰਵਾਉਣ