ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਰਾਸ਼ਟਰਪਤੀ ਦੇ ਨਾਂਅ ਸੌਂਪਿਆ ਮੰਗ ਪੱਤਰ
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮੁਕਤੇ ਮੀਨਾਰ ਵਿਖੇ ਰੋਸ ਰੈਲੀ ਕਰਨ ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਐਸ.
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮੁਕਤੇ ਮੀਨਾਰ ਵਿਖੇ ਰੋਸ ਰੈਲੀ ਕਰਨ ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਐਸ.ਆਈ.ਆਰ. ਰੱਦ ਕਰਨ, ਦਿੱਲੀ ਕਿਸਾਨ ਮੋਰਚੇ ਦੌਰਾਨ ਹੋਏ ਲਿਖ਼ਤੀ ਸਮਝੌਤੇ ਦੀਆਂ ਮੰਗਾਂ ਲਾਗੂ ਕਰਨ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੇ ਮਲੋਟ ਖੇਤਰ ਵਿਚ ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ। ਧਰਨੇ ਤੋਂ ਬਾਅਦ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਤਹਿਸੀਲਦਾਰ ਅੰਜੂ ਬਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ । ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਦਿੱਲੀ ਕਿਸਾਨ ਮੋਰਚੇ ਦੌਰਾਨ ਹੋਏ ਲਿਖ਼ਤੀ ਸਮਝੌਤੇ ਨੂੰ 6 ਸਾਲ ਬੀਤਣ ਦੇ ਬਾਵਜੂਦ ਲਾਗੂ ਨਹੀਂ ਕੀਤਾ ਗਿਆ। ਕਿਸਾਨ ਆਗੂਆਂ ਨੇ ਐਸ.ਆਈ.ਆਰ. ਰੱਦ ਕਰਨ, ਵਿਦਿਆਰਥੀਆਂ ’ਤੇ ਕਥਿਤ ਪੁਲਿਸ ਜਬਰ ਬੰਦ ਕਰਨ, ਦਰਜ ਕੇਸ ਰੱਦ ਕਰਨ, ਸਾਰੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਅਤੇ ਡਾ. ਸਵਾਮੀਨਾਥਨ ਕਮਿਸ਼ਨ ਦੀ ਸੀ-2 ਲਾਗਤ ਵਿਚ 50 ਫ਼ੀਸਦੀ ਮੁਨਾਫ਼ਾ ਜੋੜ ਕੇ ਫ਼ਸਲਾਂ ਦੇ ਭਾਅ ਤਹਿ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਬਿਜਲੀ ਅਤੇ ਬੀਜ ਬਿੱਲ-2025, ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ, ਲੈਂਡ ਪੂਲਿੰਗ ਨੀਤੀ ਅਤੇ ਨਿੱਜੀਕਰਨ ਦੀਆਂ ਨੀਤੀਆਂ ਰੱਦ ਕਰਨ, ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਅਤੇ 60 ਸਾਲ ਦੀ ਉਮਰ ਤੋਂ ਬਾਅਦ 10 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦੇਣ ਦੀ ਮੰਗ ਵੀ ਉਠਾਈ। ਉਨ੍ਹਾਂ ਲਖੀਮਪੁਰ ਖੀਰੀ ਮਾਮਲੇ ਵਿਚ ਪੀੜਤ ਕਿਸਾਨਾਂ ਨੂੰ ਇਨਸਾਫ਼ ਦੇਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਹਾਲ ਹੀ ਵਿਚ ਤੇਜ਼ ਮੀਂਹ ਤੇ ਭਾਰੀ ਗੜੇਮਾਰੀ ਕਾਰਨ ਸ੍ਰੀ ਮੁਕਤਸਰ ਸਾਹਿਬ ਤੇ ਮਲੋਟ ਖੇਤਰ ਦੇ ਦਰਜਨਾਂ ਪਿੰਡਾਂ ਵਿਚ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਪਸ਼ੂਆਂ ਅਤੇ ਘਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਅਤੇ ਨਿਰਪੱਖ ਜਾਂਚ ਉਪਰੰਤ ਮੁਆਵਜ਼ਾ ਰਾਸ਼ੀ ਸਿੱਧੀ ਪ੍ਰਭਾਵਿਤ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਦੀ ਮੰਗ ਕੀਤੀ। ਉਨ੍ਹਾਂ ਖੇਤ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦੇਣ, ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਦੀ ਕਥਿਤ ਲੁੱਟ ਤੇ ਕੱਟ ਲਾਉਣ ਦੀ ਪ੍ਰਥਾ ਬੰਦ ਕਰਨ ਅਤੇ ਪਰਾਲੀ ਸਾੜਨ ਲਈ ਮਜ਼ਬੂਰ ਹੋਏ ਕਿਸਾਨਾਂ ਵਿਰੁੱਧ ਦਰਜ ਕੇਸ ਤੇ ਜੁਰਮਾਨੇ ਰੱਦ ਕਰਨ ਦੀ ਮੰਗ ਕੀਤੀ। ਆਗੂਆਂ ਨੇ ਐਲਾਨ ਕੀਤਾ ਕਿ ਮੰਗਾਂ ਲਾਗੂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਲੰਬੀ ਬਲਾਕ ਦੇ ਜਨਰਲ ਸਕੱਤਰ ਮਲਕੀਤ ਸਿੰਘ ਗੱਗੜ, ਵਿੱਤ ਸਕੱਤਰ ਮਨੋਹਰ ਸਿੰਘ ਸਿੱਖਵਾਲਾ, ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ, ਜਨਰਲ ਸਕੱਤਰ ਸੁਖਰਾਜ ਸਿੰਘ ਰਹੂੜਿਆਂਵਾਲੀ, ਹਰਫੂਲ ਸਿੰਘ, ਕੁਲਵੀਰ ਸਿੰਘ ਭਾਗਸਰ, ਗੁਰਚਰਨ ਸਿੰਘ, ਜਸਵੀਰ ਸਿੰਘ ਗੰਧੜ, ਖੁਸ਼ਹਾਲ ਸਿੰਘ ਵੰਗਲ, ਹਰਨੇਕ ਸਿੰਘ ਰੰਧਾਵਾ, ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਜੋਗਿੰਦਰ ਸਿੰਘ ਬੁੱਟਰ ਸ਼ਰੀਂਹ, ਜਗਸੀਰ ਸਿੰਘ ਘਾਲੀ ਖ਼ਾਲਸਾ, ਮੱਘਰ ਸਿੰਘ ਕੋਟਲੀ, ਜਸਵੀਰ ਸਿੰਘ ਪੱਪਲਾ ਦੋਦਾ, ਜਗਰਾਜ ਸਿੰਘ ਸੁਖਨਾ ਅਬਲੂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਕਾਕਾ ਸਿੰਘ ਖੁੰਡੇ ਹਲਾਲ, ਡੀ.ਟੀ.ਐਫ਼. ਦੇ ਅਧਿਆਪਕ ਆਗੂ ਸੋਹਣ ਸਿੰਘ ਮੁਕਤਸਰ, ਸੀ.ਪੀ.ਐਮ. ਦੇ ਤਹਿਸੀਲ ਸਕੱਤਰ ਤਰਸੇਮ ਲਾਲ ਭੁੱਲਰ ਸਮੇਤ ਗੜੇਮਾਰੀ ਪੀੜਤ ਕਿਸਾਨ ਅਤੇ ਵੱਡੀ ਗਿਣਤੀ ਵਿਚ ਕਿਸਾਨ-ਮਜ਼ਦੂਰ ਹਾਜ਼ਰ ਸਨ।