ਸੂਬੇ ਦੇ ਸਕੂਲਾਂ ’ਚ ਪ੍ਰਿੰਸੀਪਲਾਂ ਦੀਆਂ 60 ਫ਼ੀਸਦੀ ਅਸਾਮੀਆਂ ਖ਼ਾਲੀ-ਡੀ.ਟੀ.ਐਫ਼.
ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਦਰਮਿਆਨ ਸੂਬੇ ਦੇ ਸਕੂਲਾਂ ਵਿਚ ਪ੍ਰਿੰਸੀਪਲਾਂ ਦੀਆਂ ਵੱਡੀ ਗਿਣਤੀ ਆਸਾਮੀਆਂ ਖ਼ਾਲੀ ਪਈਆਂ ਹਨ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.
ਜ
ਜਾਣਕਾਰੀ ਦਿੰਦੇ ਹੋਏ ਡੈਮੋਕ੍ਰੇਟਿਕ ਟੀਚਰਜ ਫ਼ਰੰਟ ਦੇ ਆਗੂ। ਅਜੀਤ ਤਸਵੀਰ
27-10-2026
ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਦਰਮਿਆਨ ਸੂਬੇ ਦੇ ਸਕੂਲਾਂ ਵਿਚ ਪ੍ਰਿੰਸੀਪਲਾਂ ਦੀਆਂ ਵੱਡੀ ਗਿਣਤੀ ਆਸਾਮੀਆਂ ਖ਼ਾਲੀ ਪਈਆਂ ਹਨ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ਼.) ਅਨੁਸਾਰ ਸੂਬੇ ਦੇ ਸੈਕੰਡਰੀ ਸਕੂਲਾਂ ਵਿਚ ਪ੍ਰਿੰਸੀਪਲਾਂ ਦੀਆਂ ਮਨਜ਼ੂਰਸ਼ੁਦਾ 1927 ਆਸਾਮੀਆਂ ਵਿਚੋਂ 1153 ਖ਼ਾਲੀ ਹਨ, ਜੋ ਕਿ ਲਗਭਗ 60 ਫ਼ੀਸਦੀ ਬਣਦੀਆਂ ਹਨ। ਜਥੇਬੰਦੀ ਨੇ 27 ਅਕਤੂਬਰ ਤੋਂ 3 ਨਵੰਬਰ ਤੱਕ ਸਕੂਲਾਂ ਵਿਚ ਕਰਵਾਏ ਜਾ ਰਹੇ ਉਦਘਾਟਨੀ ਸਮਾਗਮਾਂ ਨੂੰ ਰਾਜਨੀਤਕ ਮਨਸੂਬਿਆਂ ਦੀ ਪੂਰਤੀ ਦਾ ਯਤਨ ਕਰਾਰ ਦਿੰਦਿਆਂ ਸਕੂਲਾਂ ਨੂੰ ਰਾਜਨੀਤੀ ਦਾ ਅਖਾੜਾ ਬਣਾਉਣ ਦੀ ਨਿਖੇਧੀ ਕੀਤੀ ਹੈ। ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਅਤੇ ਜ਼ਿਲ੍ਹਾ ਸਕੱਤਰ ਜੀਵਨ ਸਿੰਘ ਬਧਾਈ ਨੇ ਕਿਹਾ ਕਿ ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ਸੰਗਰੂਰ ਵਿਚ ਵੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ ਮਨਜ਼ੂਰਸ਼ੁਦਾ 9 ਆਸਾਮੀਆਂ ਵਿਚੋਂ 7 ਖ਼ਾਲੀ ਹਨ। ਇੱਥੋਂ ਤੱਕ ਕਿ ਬੀ.ਪੀ.ਈ.ਓ. ਦਾ ਚਾਰਜ ਡਿਪਟੀ ਡੀ.ਈ.ਓ. ਨੂੰ ਦੇ ਕੇ ਕੰਮ ਚਲਾਇਆ ਜਾ ਰਿਹਾ ਹੈ। ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸੇਤੀਆ, ਮੀਤ ਪ੍ਰਧਾਨ ਪਰਮਿੰਦਰ ਖੋਖਰ ਅਤੇ ਵਿੱਤ ਸਕੱਤਰ ਨੀਰਜ ਬਜਾਜ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਸਕੂਲ ਆਫ਼ ਐਮੀਨੈਂਸ ਲੰਬੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸ੍ਰੀ ਮੁਕਤਸਰ ਸਾਹਿਬ ਅਤੇ ਪੀ.ਐਮ. ਸ੍ਰੀ ਰੁਪਾਣਾ ਕੰਨਿਆ ਸਮੇਤ ਕਈ ਸਕੂਲ ਪ੍ਰਿੰਸੀਪਲਾਂ ਤੋਂ ਬਿਨਾਂ ਚੱਲ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮਾਨਸਾ ਤੇ ਨਵਾਂ ਸ਼ਹਿਰ ਵਿਚ 80 ਫ਼ੀਸਦੀ ਸਕੂਲਾਂ ਵਿਚ ਪ੍ਰਿੰਸੀਪਲ ਨਹੀਂ ਹਨ, ਜਦਕਿ ਮੋਗਾ, ਬਰਨਾਲਾ ਤੇ ਤਰਨਤਾਰਨ ਵਿਚ 75 ਫ਼ੀਸਦੀ ਤੋਂ ਵੱਧ ਸਕੂਲ ਪ੍ਰਿੰਸੀਪਲਾਂ ਤੋਂ ਬਿਨਾਂ ਚੱਲ ਰਹੇ ਹਨ। ਅਧਿਆਪਕ ਆਗੂਆਂ ਨੇ ਕਿਹਾ ਕਿ ਮੌਜੂਦਾ ਸੈਸ਼ਨ ਦੌਰਾਨ ਅਧਿਆਪਕਾਂ ਨੂੰ ਜਨਗਣਨਾ, ਐਸ.ਆਈ.ਆਰ. ਤੇ ਹੋਰ ਗੈਰ-ਵਿਦਿਅਕ ਕੰਮਾਂ ਵਿੱਚ ਉਲਝਾਇਆ ਜਾ ਰਿਹਾ ਹੈ, ਜਿਸ ਨਾਲ ਵਿਦਿਅਕ ਕੰਮ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਵਿਚ ਹਰ ਪੱਧਰ ਦੀਆਂ ਖ਼ਾਲੀ ਆਸਾਮੀਆਂ ਬਿਨਾਂ ਦੇਰੀ ਭਰੀਆਂ ਜਾਣ, ਤਰੱਕੀ ਪ੍ਰਾਪਤ ਅਧਿਆਪਕਾਂ ਦਾ ਸਟੇਸ਼ਨ ਚੋਣ ਦਾ ਹੱਕ ਬਹਾਲ ਕੀਤਾ ਜਾਵੇ ਅਤੇ ਮਹੀਨਾਵਾਰ ਕੇਵਲ 6 ਹਜ਼ਾਰ ਰੁਪਏ ’ਤੇ ਕੰਮ ਕਰ ਰਹੇ ਲਗਪਗ 150 ਵਲੰਟੀਅਰ ਵਰਗ ਦੇ ਅਧਿਆਪਕਾਂ ਦੀ ਤਨਖ਼ਾਹ ਵਿਚ ਵਾਧਾ ਬਕਾਏ ਸਮੇਤ ਲਾਗੂ ਕੀਤਾ ਜਾਵੇ। ਇਸ ਮੌਕੇ ਕੁਲਵਿੰਦਰ ਅਕਾਲਗੜ੍ਹ, ਕੁਲਦੀਪ ਸ਼ਰਮਾ ਖੁੱਡੀਆਂ, ਗੁਰਪ੍ਰੀਤ ਲੰਬੀ, ਸੁਖਜੀਤ ਥਾਂਦੇਵਾਲਾ, ਗੁਰਵਰਿਆਮ ਸਰਾਵਾਂ, ਅਮਰ ਜਵਾਹਰੇਵਾਲਾ, ਰਵਿੰਦਰ ਗੁਲਾਬੇਵਾਲਾ, ਸੰਦੀਪ ਕਾਠਪਾਲ, ਰਵੀ ਸ਼ਰਮਾ, ਮਨਵੀਰ ਸਿੰਘ ਦੋਦਾ ਅਤੇ ਰਵਿੰਦਰ ਰਵੀ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਹਾਜ਼ਰ ਸਨ।