ਅਧਿਆਪਕਾਂ ਤੋਂ ਲਏ ਜਾ ਰਹੇ ਗੈਰ-ਵਿੱਦਿਆਕ ਕੰਮਾਂ ਤੋਂ ਸਿੱਖਿਆ ਪ੍ਰਣਾਲੀ ’ਤੇ ਉੱਠੇ ਸਵਾਲ
ਕੋਟਕਪੂਰਾ, 26 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ, ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਅਤੇ ਸਿੱਖਿਆ ਦੇ ਖੇਤਰ ਵਿਚ ਨਵੇਂ ਸੁਧਾਰ ਲਿਆਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਸਰਕਾਰ ਵਲੋਂ ਸਕੂਲਾਂ ਵਿਚ ਅਧਿਆਪਕਾਂ ਦੀ ਭਰਤੀ ਵੀ ਇਸੇ ਮਕਸਦ ਨਾਲ ਕੀਤੀ ਜਾਂਦੀ ਹੈ ਕਿ ਬੱਚਿਆਂ ਨੂੰ ਯੋਗ ਅਤੇ ਤਜਰਬੇਕਾਰ ਅਧਿਆਪਕਾਂ ਰਾਹੀਂ ਚੰਗੀ ਸਿੱਖਿਆ ਮਿਲ ਸਕੇ ਪਰ ਦੂਜੇ ਪਾਸੇ ਪ੍ਰਸ਼ਾਸਨਿਕ ਪੱਧਰ ’ਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਮੁੱਢਲੀ ਜ਼ਿੰਮੇਵਾਰੀ ਅਰਥਾਤ ਬੱਚਿਆਂ ਨੂੰ ਪੜ੍ਹਾਉਣ ਦੀ ਬਜਾਏ ਵੱਖ-ਵੱਖ ਗੈਰ-ਵਿਦਿਅਕ ਕੰਮਾਂ ਵਿਚ ਲਗਾਏ ਜਾਣ ਦਾ ਮਾਮਲਾ ਗੰਭੀਰ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ।
ਕੋਟਕਪੂਰਾ, 26 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ, ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਅਤੇ ਸਿੱਖਿਆ ਦੇ ਖੇਤਰ ਵਿਚ ਨਵੇਂ ਸੁਧਾਰ ਲਿਆਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਸਰਕਾਰ ਵਲੋਂ ਸਕੂਲਾਂ ਵਿਚ ਅਧਿਆਪਕਾਂ ਦੀ ਭਰਤੀ ਵੀ ਇਸੇ ਮਕਸਦ ਨਾਲ ਕੀਤੀ ਜਾਂਦੀ ਹੈ ਕਿ ਬੱਚਿਆਂ ਨੂੰ ਯੋਗ ਅਤੇ ਤਜਰਬੇਕਾਰ ਅਧਿਆਪਕਾਂ ਰਾਹੀਂ ਚੰਗੀ ਸਿੱਖਿਆ ਮਿਲ ਸਕੇ ਪਰ ਦੂਜੇ ਪਾਸੇ ਪ੍ਰਸ਼ਾਸਨਿਕ ਪੱਧਰ ’ਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਮੁੱਢਲੀ ਜ਼ਿੰਮੇਵਾਰੀ ਅਰਥਾਤ ਬੱਚਿਆਂ ਨੂੰ ਪੜ੍ਹਾਉਣ ਦੀ ਬਜਾਏ ਵੱਖ-ਵੱਖ ਗੈਰ-ਵਿਦਿਅਕ ਕੰਮਾਂ ਵਿਚ ਲਗਾਏ ਜਾਣ ਦਾ ਮਾਮਲਾ ਗੰਭੀਰ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਵਾਲੇ ਅਧਿਆਪਕਾਂ ਦੀਆਂ ਡਿਊਟੀਆਂ ਵੋਟਾਂ ਬਣਾਉਣ, ਵੋਟਰ ਸੂਚੀਆਂ ਦੀ ਸੋਧ, ਵੋਟਾਂ ਦੀ ਪੜਤਾਲ, ਬੂਥ ਲੈਵਲ ਅਫ਼ਸਰ (ਬੀਐਲਓ), ਪੰਚਾਇਤੀ, ਐਮ.ਐਲ.ਏ, ਐਮ.ਪੀ. ਚੋਣਾਂ, ਜਨਗਨਣਾ, ਪਰਾਲੀ ਪਬੰਧਨ, ਨਸ਼ਾ ਰੋਕੂ ਮੁਹਿੰਮਾਂ, ਸਰਕਾਰੀ ਸਰਵੇਖਣ ਅਤੇ ਹੋਰ ਅਨੇਕਾਂ ਪ੍ਰਸ਼ਾਸਨਿਕ ਕੰਮਾਂ ਵਿਚ ਲਗਾਈਆਂ ਜਾਂਦੀਆਂ ਹਨ। ਕਈ ਵਾਰ ਸਰਕਾਰੀ ਯੋਜਨਾਵਾਂ ਨਾਲ ਸਬੰਧਿਤ ਰਜਿਸਟਰੇਸ਼ਨ, ਦਸਤਾਵੇਜ਼ਾਂ ਦੀ ਤਸਦੀਕ ਅਤੇ ਹੋਰ ਵਿਭਾਗੀ ਕੰਮਾਂ ਦੀ ਜ਼ਿੰਮੇਵਾਰੀ ਵੀ ਅਧਿਆਪਕਾਂ ਨੂੰ ਸੌਂਪ ਦਿੱਤੀ ਜਾਂਦੀ ਹੈ। ਇਨ੍ਹਾਂ ਕੰਮਾਂ ਕਾਰਨ ਅਧਿਆਪਕਾਂ ਦਾ ਕੀਮਤੀ ਸਮਾਂ ਸਕੂਲਾਂ ਤੋਂ ਬਾਹਰ ਬਤੀਤ ਹੁੰਦਾ ਹੈ, ਜਿਸ ਦਾ ਸਿੱਧਾ ਅਸਰ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਪੈਂਦਾ ਹੈ। ਡੀਟੀਐਫ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਉਸ ਸਮੇਂ ਪੈਦਾ ਹੁੰਦੀ ਹੈ ਜਦੋਂ ਕਿਸੇ ਸਕੂਲ ਦੇ ਇਕ ਜਾਂ ਦੋ ਨਹੀਂ, ਸਗੋਂ ਕਈ ਅਧਿਆਪਕਾਂ ਦੀਆਂ ਡਿਊਟੀਆਂ ਇਕੋ ਸਮੇਂ ਵੱਖ-ਵੱਖ ਸਰਕਾਰੀ ਕੰਮਾਂ ਵਿਚ ਲਗਾ ਦਿੱਤੀਆਂ ਜਾਂਦੀਆਂ ਹਨ। ਅਜਿਹੀ ਸਥਿਤੀ ਵਿਚ ਸਕੂਲਾਂ ਵਿਚ ਪੜ੍ਹਾਈ ਦਾ ਰੋਜ਼ਾਨਾ ਸਮਾਂ ਪ੍ਰਭਾਵਿਤ ਹੁੰਦਾ ਹੈ। ਕਈ ਵਾਰ ਬੱਚਿਆਂ ਨੂੰ ਆਪਣੇ ਵਿਸ਼ੇ ਦੇ ਅਧਿਆਪਕ ਦੀ ਉਡੀਕ ਕਰਨੀ ਪੈਂਦੀ ਹੈ ਅਤੇ ਪਾਠਕ੍ਰਮ ਸਮੇਂ ਸਿਰ ਪੂਰਾ ਕਰਵਾਉਣਾ ਵੀ ਚੁਣੌਤੀ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ, ਕਿਉਂਕਿ ਉਨ੍ਹਾਂ ਨੂੰ ਹਰ ਵਿਸ਼ੇ ਦੀ ਨਿਯਮਤ ਤਿਆਰੀ, ਦੁਹਰਾਈ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਦੀ ਲੋੜ ਹੁੰਦੀ ਹੈ। ਅਧਿਆਪਕ ਯੂਨੀਅਨ ਦੇ ਆਗੂ ਪ੍ਰੇਮ ਚਾਵਲਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਸਿੱਖਿਆ ਦਾ ਖੇਤਰ ਬਹੁਤ ਮੁਕਾਬਲੇ ਵਾਲਾ ਬਣ ਚੁੱਕਾ ਹੈ। ਵਿਦਿਆਰਥੀਆਂ ਨੂੰ ਸਕੂਲ ਪੱਧਰ ਤੋਂ ਹੀ ਉੱਚੀਆਂ ਜਮਾਤਾਂ, ਬੋਰਡ ਦੀਆਂ ਪ੍ਰੀਖਿਆਵਾਂ ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਹੋਣਾ ਪੈਂਦਾ ਹੈ। ਇਸ ਲਈ ਅਧਿਆਪਕਾਂ ਦੀ ਨਿਯਮਤ ਹਾਜ਼ਰੀ ਅਤੇ ਵਿਦਿਆਰਥੀਆਂ ਨਾਲ ਸਿੱਧਾ ਸੰਪਰਕ ਬੇਹੱਦ ਜ਼ਰੂਰੀ ਹੈ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜਨਾ ਕੌਸ਼ਲ ਨਾਲ ਗੱਲ ਕਰਨੀ ਚਾਹੀ ਪਰ ਉਨ੍ਹਾਂ ਫੋਨ ਨਹੀਂ ਚੁੱਕਿਆ।