ਮਾਨਸਾ, 2 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਥਾਨਕ ਸ਼ਹਿਰ 'ਚ ਬਾਲ ਭਿੱਖਿਆ ਰੋਕਣ ਸਬੰਧੀ ਚੈਕਿੰਗ ਕੀਤੀ ਗਈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਤੇ ਬਾਲ ਵਿਕਾਸ ਅਫ਼ਸਰ ਹਰਜਿੰਦਰ ਕੌਰ ਨੇ ਦੱਸਿਆ ਕਿ ਚੈਕਿੰਗ ਦਾ ਮਕਸਦ ਬੱਚਿਆਂ ਨੂੰ ਭੀਖ ਮੰਗਣ, ਬਾਲ ਮਜ਼ਦੂਰੀ ਅਤੇ ਹਰ ਤਰ੍ਹਾਂ ਦੇ ਸ਼ੋਸ਼ਣ ਤੋਂ ਬਚਾਉਣਾ ਹੈ | ਚੈਕਿੰਗ ਦੌਰਾਨ ਭੀਖ ਮੰਗ ਰਹੇ 2 ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਹਵਾਲੇ ਕਰਦਿਆਂ ਮਾਤਾ-ਪਿਤਾ ਨੂੰ ਸਖ਼ਤੀ ਨਾਲ ਕਿਹਾ ਗਿਆ ਕਿ ਉਹ ਬੱਚਿਆਂ ਤੋਂ ਬਾਲ ਭਿੱਖਿਆ ਨਾ ਕਰਵਾਉਣ ਬਲਕਿ ਬੱਚਿਆਂ ਨੂੰ ਸਕੂਲ 'ਚ ਦਾਖਲ ਕਰਵਾਉਣ ਤਾਂ ਜੋ ਉਨ੍ਹਾਂ ਦਾ ਭਵਿੱਖ ਸੰਵਰ ਸਕੇ | ਉਨ੍ਹਾਂ ਕਿਹਾ ਕਿ ਭਾਰਤੀ ਕਾਨੂੰਨ ਮੁਤਾਬਿਕ ਬੱਚਿਆਂ ਤੋਂ ਭੀਖ ਮੰਗਵਾਉਣਾ ਗੈਰ-ਕਾਨੂੰਨੀ ਹੈ | ਟੀਮ ਵਲੋਂ ਆਮ ਲੋਕਾਂ ਨੂੰ ਬੱਚਾ ਗੋਦ ਲੈਣ ਦੀ ਪ੍ਰਕਿਰਿਆ, ਸਪੋਂਸਰਸ਼ਿਪ ਸਕੀਮਾਂ ਅਤੇ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਿਤ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਭੂਸ਼ਣ ਸਿੰਗਲਾ, ਹਰਦੀਪ ਕੁਮਾਰ, ਸ਼ੈਲੀ, ਮਹਿੰਦਰ ਪਾਲ ਸਿੰਘ, ਹਰਪ੍ਰੀਤ ਸਿੰਘ, ਕਾਲੀ ਚਰਨ, ਬਬੀਤਾ ਰਾਣੀ ਆਦਿ ਹਾਜ਼ਰ ਸਨ |