ਮਾਨਸਾ, 2 ਫਰਵਰੀ (ਸਟਾਫ਼ ਰਿਪੋਰਟਰ)- ਕੰਪਿਊਟਰ ਅਧਿਆਪਕ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਸੱਤ ਪ੍ਰਤਾਪ ਸਿੰਘ ਭੀਖੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰੀਖਿਆਵਾਂ ਨੂੰ ਮੱਦੇਨਜ਼ਰ ਰੱਖਦਿਆਂ ਕੰਪਿਊਟਰ ਅਧਿਆਪਕਾਂ ਦੀ 'ਮੁੱਖ ਮੰਤਰੀ ਸਿਹਤ ਬੀਮਾ' ਯੋਜਨਾ ਤਹਿਤ ਕਾਰਡ ਬਣਾਉਣ ਲਈ ਲਗਾਈਆਂ ਡਿਊਟੀਆਂ ਤੁਰੰਤ ਰੱਦ ਕੀਤੀਆਂ ਜਾਣ | ਇੱਥੇ ਜਾਰੀ ਬਿਆਨ 'ਚ ਉਨ੍ਹਾਂ ਦੱਸਿਆ ਕਿ 8ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ ਪਰ ਵਿਦਿਆਰਥੀਆਂ ਦੀ ਪੜ੍ਹਾਈ ਦੀ ਚਿੰਤਾ ਕਰਨ ਦੀ ਬਜਾਏ ਉਨ੍ਹਾਂ ਦੀਆਂ ਡਿਊਟੀਆਂ ਵਾਧੂ ਕਾਰਜ ਲਈ ਲਗਾ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਵਿੱਦਿਅਕ ਡਿਊਟੀਆਂ 'ਤੇ ਤਾਇਨਾਤ ਕਰਨਾ ਆਰ.ਟੀ.ਈ. ਐਕਟ ਦੇ ਨਾਲ-ਨਾਲ ਸੁਪਰੀਮ ਕੋਰਟ ਦੇ ਹੁਕਮਾਂ ਦੀ ਵੀ ਘੋਰ ਉਲੰਘਣਾ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਉਹ ਕਿਸੇ ਵੀ ਹਾਲਤ 'ਚ ਅਜਿਹੀਆਂ ਡਿਊਟੀਆਂ 'ਚ ਸ਼ਾਮਲ ਨਹੀਂ ਹੋਣਗੇ ਜੋ ਬੱਚਿਆਂ ਦੀ ਸਿੱਖਿਆ ਨੂੰ ਪ੍ਰਭਾਵਿਤ ਕਰਨ ਦੇ ਨਾਲ ਹੀ ਸਕੂਲ ਸਿੱਖਿਆ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ | ਉਨ੍ਹਾਂ ਨਾਲ ਹੀ ਮੰਗ ਕੀਤੀ ਕਿ ਪਿਛਲੇ ਸਮੇਂ ਤੋਂ ਸੰਘਰਸ਼ ਦੇ ਰਾਹ ਪਏ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਤੁਰੰਤ ਮੰਨੀਆਂ ਜਾਣ |