ਮੋਫਰ (ਮਾਨਸਾ), 3 ਫਰਵਰੀ (ਧਾਲੀਵਾਲ, ਸਿੰਗਲਾ)- ਆਮ ਆਦਮੀ ਪਾਰਟੀ ਦੇ ਰਾਜ 'ਚ ਸੂਬੇ ਦੇ ਲੋਕ ਖ਼ੁਦ ਨੂੰ ਠੱਗਿਆ-ਠੱਗਿਆ ਮਹਿਸੂਸ ਕਰ ਰਹੇ ਹਨ | ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ | ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਨਵ-ਨਿਯੁਕਤ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਾਂਗਰਸ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਿਕਰਮ ਸਿੰਘ ਮੋਫਰ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮਿਲਣੀ ਮੌਕੇ ਕੀਤਾ | ਉਨ੍ਹਾਂ ਦਾਅਵਾ ਕੀਤਾ ਕਿ ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਪਾਰਟੀ ਪੰਜਾਬ 'ਚ ਇੱਕਜੁੱਟ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਨੂੰ ਹੋਰ ਮਜ਼ਬੂਤ ਕਰਨ ਲਈ ਬੂਥ ਪੱਧਰ ਤੱਕ ਸਰਗਰਮੀਆਂ ਕੀਤੀਆਂ ਜਾਣਗੀਆਂ ਅਤੇ ਯੋਗ ਵਰਕਰਾਂ ਨੂੰ ਨੁਮਾਇੰਦਗੀ ਦਿੱਤੀ ਜਾਵੇਗੀ | ਬਿਕਰਮ ਸਿੰਘ ਮੋਫਰ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰਨਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ 'ਚ ਭਿ੍ਸ਼ਟਾਚਾਰ ਹੱਦਾਂ ਬੰਨ੍ਹੇ ਟੱਪ ਗਿਆ ਹੈ ਅਤੇ ਸੂਬੇ 'ਚ ਅਮਨ ਕਾਨੂੰਨ ਦੀ ਸਥਿਤੀ ਗੜਬੜਾਈ ਹੋਈ ਹੈ ਜਦਕਿ ਨਸ਼ਿਆਂ ਦਾ ਬੋਲਬਾਲਾ ਵੀ ਵਧਿਆ ਹੈ | ਫ਼ੈਸਲਾ ਲਿਆ ਗਿਆ ਕਿ ਅਗਲੇ ਦਿਨਾਂ ਵਿਚ ਪਿੰਡਾਂ/ਸ਼ਹਿਰਾਂ 'ਚ ਲੋਕ ਸੰਪਰਕ ਮੁਹਿੰਮ ਤੇਜ਼ ਕੀਤੀ ਜਾਵੇਗੀ | ਇਸ ਮੌਕੇ ਨਗਰ ਕੌਂਸਲ ਮਾਨਸਾ ਦੇ ਸਾਬਕਾ ਪ੍ਰਧਾਨ ਮਨਦੀਪ ਸਿੰਘ ਗੋਰਾ, ਕਾਂਗਰਸ ਆਗੂ ਬਲਵੰਤ ਸਿੰਘ ਕੋਰਵਾਲਾ, ਬਿੰਦਰ ਸਿੰਘ ਕੋਰਵਾਲਾ, ਰਣਦੀਪ ਸਿੰਘ ਰਾਏਪੁਰ, ਸਤਗੁਰ ਸਿੰਘ ਜਲਵੇੜਾ ਆਦਿ ਵੀ ਹਾਜ਼ਰ ਸਨ |