ਮਾਨਸਾ, 27 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਵਲੋਂ ਸਰਕਾਰ ਅਤੇ ਸਬੰਧਿਤ ਕੰਪਨੀ ਦੀ ਲੰਮੇ ਸਮੇਂ ਤੋਂ ਚੱਲ ਰਹੀ ਅਣਦੇਖੀ ਦੇ ਖ਼ਿਲਾਫ਼ ਸਖ਼ਤ ਫ਼ੈਸਲਾ ਲੈਂਦਿਆਂ 5, 6 ਤੇ 7 ਮਾਰਚ ਨੂੰ ਰਾਜ ਦੇ ਸਾਰੇ ਫ਼ਰਦ ਕੇਂਦਰਾਂ ਦਾ ਕੰਮ ਪੂਰੀ ਤਰਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ | ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਮਨਦੀਪ ਸਿੰਘ ਨੇ ਕਿਹਾ ਕਿ ਕਰਮਚਾਰੀ ਪਿਛਲੇ 15-18 ਸਾਲਾਂ ਤੋਂ ਡਾਟਾ ਐਂਟਰੀ ਓਪਰੇਟਰ ਜਮ੍ਹਾਬੰਦੀਆਂ, ਖ਼ਸਰਾ ਗਿਰਦਾਵਰੀ, ਇੰਤਕਾਲਾਤ ਆਦਿ ਮਾਲ ਰਿਕਾਰਡ ਨੂੰ ਕੰਪਿਊਟਰਾਈਜ਼ਡ ਕਰ ਕੇ ਲੋਕਾਂ ਨੂੰ ਸੇਵਾਵਾਂ ਦੇ ਰਹੇ ਹਨ ਪਰ ਉਨ੍ਹਾਂ ਨੂੰ ਕਿਰਤ ਕਾਨੂੰਨਾਂ ਅਨੁਸਾਰ ਬਣਦੀ ਤਨਖ਼ਾਹ ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਏ.ਡੀ.ਸੀ. ਮਾਨਸਾ ਨੂੰ ਪੱਤਰ ਸੌਂਪਦਿਆਂ ਕਾਨੂੰਨ ਅਨੁਸਾਰ ਬਣਦੀ ਤਨਖ਼ਾਹ ਅਤੇ ਸੇਵਾਵਾਂ ਨੂੰ ਪੰਜਾਬ ਸਰਕਾਰ ਦੇ ਮਾਲ ਵਿਭਾਗ ਅਧੀਨ ਲਿਆਉਣ ਅਤੇ ਸਾਰੇ ਓਪਰੇਟਰਾਂ ਲਈ ਯੋਗ ਬੀਮਾ ਕਵਰ ਅਤੇ ਪਰਿਵਾਰਕ ਸੁਰੱਖਿਆ ਯਕੀਨੀ ਬਣਾਏ ਜਾਣ ਦੀ ਮੰਗ ਕੀਤੀ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਤੁਰੰਤ ਗੱਲਬਾਤ ਕਰ ਕੇ ਹੱਲ ਨਾ ਕੱਢਿਆ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ, ਮੀਤ ਪ੍ਰਧਾਨ ਕਰਮਜੀਤ ਸਿੰਘ ਆਦਿ ਹਾਜ਼ਰ ਸਨ |