ਮਾਨਸਾ, 6 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਵਲੋਂ ਮੰਗਾਂ ਮਨਵਾਉਣ ਲਈ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਤਿੱਖੀ ਨਾਅਰੇਬਾਜ਼ੀ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਅਵਿਨਾਸ਼ ਸ਼ਰਮਾ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਅੰਗਹੀਣਾਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਜਿਨ੍ਹਾਂ ਨੂੰ ਹਾਲੇ ਤੱਕ ਬੂਰ ਨਹੀਂ ਪਿਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਚਾਰ ਸਾਲਾਂ ਦੌਰਾਨ ਉਨ੍ਹਾਂ ਦੇ ਹਿਤ 'ਚ ਕੋਈ ਵੀ ਨਵੀਂ ਯੋਜਨਾ ਨਹੀਂ ਬਣਾਈ ਗਈ ਅਤੇ ਨਾ ਹੀ ਉਨ੍ਹਾਂ ਲਈ ਪੱਕੇ ਰੋਜ਼ਗਾਰ ਦਾ ਕੋਈ ਪ੍ਰਬੰਧ ਕੀਤਾ ਗਿਆ ਹੈ | ਸ਼ਰਮਾ ਨੇ ਕਿਹਾ ਕਿ ਆਪ ਵਲੋਂ ਬਜ਼ੁਰਗਾਂ, ਵਿਧਵਾਵਾਂ ਅਤੇ ਅੰਗਹੀਣਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦੀ ਗਰੰਟੀ ਦਿੱਤੀ ਗਈ ਸੀ ਪਰ ਅਜੇ ਤੱਕ ਇਹ ਵਧੀ ਹੋਈ ਰਾਸ਼ੀ ਉਨ੍ਹਾਂ ਦੇ ਖਾਤਿਆਂ 'ਚ ਨਹੀਂ ਪਾਈ ਗਈ | ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਅਨੇਕਾਂ ਮੰਗ ਪੱਤਰ ਦਿੱਤੇ ਗਏ ਪਰ ਸਰਕਾਰ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ | ਉਕਤ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ 8 ਮਾਰਚ ਨੂੰ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ 'ਚ ਖ਼ੁਦ ਦਿੱਤੀਆਂ ਗਰੰਟੀਆਂ ਨੂੰ ਲਾਗੂ ਕਰਨ ਲਈ ਮਤਾ ਨਾ ਲਿਆਂਦਾ ਗਿਆ ਤਾਂ ਉਹ 17 ਮਾਰਚ ਨੂੰ ਮੀਟਿੰਗ ਕਰ ਕੇ ਸਰਕਾਰ ਖਿਲਾਫ ਤਿੱਖੇ ਸੰਘਰਸ਼ ਦੀ ਰੂਪਰੇਖਾ ਉਲੀਕਣਗੇ | ਇਸ ਮੌਕੇ ਸਵਿੱਤਰੀ ਦੇਵੀ, ਰਾਜਵਿੰਦਰ ਕੌਰ, ਗੁਰਜਾਂ ਕੌਰ, ਬਿੰਦਰ ਕੌਰ ਖਿਆਲਾ, ਸੁਖਜੀਤ ਸਿੰਘ, ਸੁਨੀਲ ਮਸੀਹ ਬੁਢਲਾਡਾ, ਅਸੀਮ ਗੋਇਲ ਸਰਦੂਲਗੜ੍ਹ, ਗੁਰਜੰਟ ਸਿੰਘ ਦੋਦੜਾ, ਪਰਗਟ ਸਿੰਘ ਰੱਲਾ, ਗੁਰਸੇਵਕ ਸਿੰਘ ਟਾਂਡੀਆਂ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਵੀਰ ਸਿੰਘ, ਰਮੇਸ਼ ਕੁਮਾਰ ਆਦਿ ਹਾਜ਼ਰ ਸਨ |