ਬਠਿੰਡਾ, 6 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀ.ਪੀ.ਐੱਫ ਕਰਮਚਾਰੀ ਯੂਨੀਅਨ ਅਤੇ ਵੱਖ-ਵੱਖ ਟਰੇਡ ਯੂਨੀਅਨ ਸੈਂਟਰਾਂ ਵਲੋਂ 8 ਮਾਰਚ ਨੂੰ ਬਜਟ ਵਾਲੇ ਦਿਨ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ¢ ਜਿਸ ਸੰਬੰਧੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਠਿੰਡਾ ਦੇ ਪ੍ਰਧਾਨ ਬਲਜਿੰਦਰ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅਜੇ ਤੱਕ ਇਸ ਮਾਮਲੇ ਵਿਚ ਕੋਈ ਢੱੁਕਵਾਂ ਕਦਮ ਨਹੀਂ ਚੁੱਕਿਆ ਗਿਆ¢ ਉਨ੍ਹਾਂ ਕਿਹਾ ਕਿ ਐਨ.ਪੀ.ਐੱਸ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦੇ ਕਰੋੜਾਂ-ਅਰਬਾਂ ਰੁਪਏ ਕਾਰਪੋਰੇਟ ਘਰਾਣਿਆਂ ਨੂੰ ਸ਼ੇਅਰ ਮਾਰਕੀਟ ਵਿਚ ਲਗਾਉਣ ਲਈ ਦਿੱਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ 20-20 ਸਾਲ ਨੌਕਰੀ ਕਰਨ ਤੋਂ ਬਾਅਦ ਮੁਲਾਜ਼ਮਾਂ ਨੂੰ ਰਿਟਾਇਰਮੈਂਟ ਉਪਰੰਤ ਕੇਵਲ 5-5 ਹਜ਼ਾਰ ਰੁਪਏ ਦੀ ਨਿਗੂਣੀ ਪੈਨਸ਼ਨ ਮਿਲ ਰਹੀ ਹੈ¢ ਆਗੂਆਂ ਨੇ ਕਿਹਾ ਕਿ ਗੁਜਰਾਤ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖ਼ੁਦ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਐਲਾਨ ਕੀਤਾ ਸੀ, ਪਰ ਇਹ ਦਾਅਵਾ ਹੁਣ ਨਿਰਾ ਝੂਠ ਸਾਬਤ ਹੋਇਆ ਹੈ¢ ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿਚ ਲਗਭਗ ਦੋ ਲੱਖ ਮੁਲਾਜ਼ਮ ਐਨ.ਪੀ.ਐਸ ਅਧੀਨ ਆਉਂਦੇ ਹਨ, ਜੋ 8 ਮਾਰਚ ਨੂੰ ਵੱਡੀ ਗਿਣਤੀ ਵਿਚ ਮੋਹਾਲੀ ਵਿਖੇ ਇਕੱਠੇ ਹੋ ਕੇ ਵਿਧਾਨ ਸਭਾ ਵੱਲ ਕੂਚ ਕਰਨਗੇ¢ ਜਥੇਬੰਦੀ ਦੇ ਸੀਨੀਅਰ ਪ੍ਰਧਾਨ ਵਿਕਾਸ ਗਰਗ, ਸਹਾਇਕ ਸਕੱਤਰ ਕੁਲਵਿੰਦਰ ਸਿੰਘ ਵਿਰਕ, ਵਿੱਤ ਸਕੱਤਰ ਅਨਿਲ ਭੱਟ ਅਤੇ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਖੇਮੂਆਣਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 2004 ਤੋਂ ਬੰਦ ਕੀਤੀ ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕੀਤੀ ਜਾਵੇ ਅਤੇ ਮੁਲਾਜ਼ਮਾਂ ਲਈ ਜੀ.ਪੀ.ਐੱਫ ਖਾਤੇ ਖੋਲ੍ਹੇ ਜਾਣ¢