ਮਾਨਸਾ, 2 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਕਣਕ ਦੇ ਖ਼ਰੀਦ ਮਾਮਲੇ 'ਚ ਕੋਈ ਵੀ ਅਣਗਹਿਲੀ ਨਾ ਕੀਤੀ ਜਾਵੇ | ਇੱਥੇ ਕਣਕ ਦੇ ਮੌਜੂਦਾ ਸੀਜ਼ਨ ਦੌਰਾਨ ਜਿਣਸ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਪਸ਼ਟ ਆਖਿਆ ਕਿ ਮੰਡੀਆਂ 'ਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ | ਉਨ੍ਹਾਂ ਦੱਸਿਆ ਕਿ ਪਿਛਲੇ ਵਰੇ੍ਹ ਜ਼ਿਲੇ੍ਹ 'ਚ 6 ਲੱਖ 57 ਹਜ਼ਾਰ ਮੀਟਰਕ ਟਨ ਕਣਕ ਦੀ ਆਮਦ ਹੋਈ ਸੀ ਜਦਕਿ ਐਤਕੀਂ 6 ਲੱਖ 72 ਹਜ਼ਾਰ ਮੀਟਰਕ ਟਨ ਆਉਣ ਦੀ ਉਮੀਦ ਹੈ | ਉਨ੍ਹਾਂ ਦੱਸਿਆ ਕਿ ਖ਼ਰੀਦ ਪ੍ਰਕਿਰਿਆ ਲਈ 117 ਖ਼ਰੀਦ ਕੇਂਦਰਾਂ ਤੋਂ ਇਲਾਵਾ 8 ਵਾਧੂ ਯਾਰਡ ਅਤੇ 10 ਆਰਜ਼ੀ ਯਾਰਡ ਵੀ ਸਥਾਪਿਤ ਕੀਤੇ ਗਏ ਹਨ | ਡਿਪਟੀ ਕਮਿਸ਼ਨਰ ਨੇ ਅਨੁਸਾਰ ਸਰਕਾਰ ਵਲੋਂ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2585 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ | ਉਨ੍ਹਾਂ ਮੀਟਿੰਗ 'ਚ ਖ਼ਰੀਦ ਏਜੰਸੀਆਂ ਮਾਰਕਫੈੱਡ, ਪਨਗਰੇਨ, ਪੰਜਾਬ ਸਟੇਟ ਵੇਅਰ ਹਾਊਸ ਅਤੇ ਪਨਸਪ ਨੂੰ ਖ਼ਰੀਦ ਅਤੇ ਲਿਫ਼ਟਿੰਗ ਦੇ ਸਮੁੱਚੇ ਪ੍ਰਬੰਧ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਕਿਹਾ | ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਖ਼ਰੀਦ ਕੇਂਦਰਾਂ 'ਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਰੌਸ਼ਨੀ ਅਤੇ ਕਿਸਾਨਾਂ ਦੇ ਬੈਠਣ ਲਈ ਯੋਗ ਪ੍ਰਬੰਧ ਕੀਤੇ ਜਾਣ ਅਤੇ ਫ਼ਸਲ ਦੀ ਖ਼ਰੀਦ ਦੇ ਨਾਲ-ਨਾਲ ਉਸ ਦੀ ਚੁਕਾਈ ਅਤੇ ਅਦਾਇਗੀ ਸਮੇਂ ਸਿਰ ਯਕੀਨੀ ਬਣਾਈ ਜਾਵੇ | ਜ਼ਿਲ੍ਹਾ ਮੈਨੇਜਰਾਂ ਨੇ ਦੱਸਿਆ ਕਿ ਖ਼ਰੀਦ ਏਜੰਸੀਆਂ ਕੋਲ ਲੋੜੀਂਦੀ ਮਾਤਰਾ ਵਿਚ ਬਾਰਦਾਨਾ ਉਪਲਬਧ ਹੈ | ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਗੁਆਂਢੀ ਰਾਜਾਂ ਤੋਂ ਕਣਕ ਦੀ ਅਣਅਧਿਕਾਰਤ ਆਵਾਜਾਈ ਨੂੰ ਰੋਕਣ ਲਈ ਜ਼ਿਲ੍ਹੇ ਦੀਆਂ ਹੱਦਾਂ 'ਤੇ ਵਿਸ਼ੇਸ਼ ਅੰਤਰਰਾਜੀ ਨਾਕੇ ਸਥਾਪਿਤ ਕੀਤੇ ਗਏ ਹਨ ਅਤੇ ਇਨ੍ਹਾਂ ਨਾਕਿਆਂ 'ਤੇ ਮੰਡੀ ਬੋਰਡ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਪੁਲਿਸ ਮੁਲਾਜ਼ਮਾਂ 'ਤੇ ਆਧਾਰਿਤ ਸਾਂਝੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਕਿ ਦਿਨ-ਰਾਤ ਮੁਸਤੈਦੀ ਨਾਲ ਨਿਗਰਾਨੀ ਕਰ ਰਹੀਆਂ ਹਨ | ਜ਼ਿਕਰਯੋਗ ਹੈ ਕਿ ਭਾਵੇਂ ਕਣਕ ਦੀ ਖ਼ਰੀਦ ਪਹਿਲੀ ਅਪ੍ਰੈਲ ਸ਼ੁਰੂ ਹੋ ਜਾਂਦੀ ਹੈ ਪਰ ਹਾਲੇ ਤੱਕ ਕਿਸੇ ਵੀ ਖ਼ਰੀਦ ਕੇਂਦਰ 'ਚ ਜਿਣਸ ਦੀ ਆਮਦ ਨਹੀਂ ਹੋਈ |
ਰਹਿੰਦ ਖੰੂਹਦ ਦਾ ਯੋਗ ਪ੍ਰਬੰਧਨ ਕਰਨ ਬਾਰੇ ਜਾਗਰੂਕ ਵੈਨਾਂ ਰਵਾਨਾ ਕੀਤੀਆਂ
ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ 2 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਨਾੜ ਨੂੰ ਅੱਗ ਨਾ ਲਗਾਈ ਜਾਵੇ ਬਲਕਿ ਬਲਕਿ ਜ਼ਿਲ੍ਹੇ ਅੰਦਰ ਉਪਲਬਧ ਖੇਤੀ ਮਸ਼ੀਨਰੀ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ ਤਾਂ ਜੋ ਜ਼ਮੀਨ ਦੀ ਸਿਹਤ ਨੂੰ ਬਰਕਰਾਰ ਰੱਖਦੇ ਹੋਏ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ | ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਜਾਗਰੂਕਤਾ ਵੈਨਾਂ ਜ਼ਿਲ੍ਹੇ ਦੇ ਸਾਰੇ 244 ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਨਗੀਆਂ |
ਕਣਕ ਖ਼ਰੀਦ ਦੇ ਮਾਮਲੇ 'ਚ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡੀ.ਸੀ.
ਅਜੀਤ ਡੈਸਕ
03-04-2026