ਰਾਮਾ ਮੰਡੀ, 3 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਪਿੰਡ ਬਾਘਾ ਦੇ 35 ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਗਏ | ਉਨ੍ਹਾਂ ਦੇ ਸ਼ਾਮਿਲ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਸ਼ਾਮਿਲ ਹੋਣ ਵਾਲਿਆਂ ਨੂੰ ਪਾਰਟੀ ਵਲੋਂ ਬਣਦਾ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਰਵੀਪ੍ਰੀਤ ਸਿੰਘ ਸਿੱਧੂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਨੂੰ ਯਾਦ ਕਰਨ ਲੱਗੇ ਹਨ ਅਤੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ, ਤਾਂ ਜੋ ਉਨ੍ਹਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮਿਲ ਸਕੇ | ਇਸ ਮੌਕੇ ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਪੰਜਾਬ ਬਚਾਓ ਵਿਸ਼ਾਲ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਆਦਿ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਰਵੀਪ੍ਰੀਤ ਸਿੰਘ ਸਿੱਧੂ ਨੇ ਹਲਕਾ ਤਲਵੰਡੀ ਸਾਬੋ ਦੀ ਵਰਕਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਇਸ ਰੈਲੀ ਵਿਚ ਵੱਧ ਤੋਂ ਵੱਧ ਪਹੁੰਚਣ | ਇਸ ਮੌਕੇ ਸਰਕਲ ਪ੍ਰਧਾਨ ਅਮਨਦੀਪ ਸਿੰਘ ਸੇਖੂ ਸਾਬਕਾ ਚੇਅਰਮੈਨ, ਸੰਦੀਪ ਸਿੰਘ ਸਰਾਂ ਸੇਖੂ, ਸੀਨੀਅਰ ਅਕਾਲੀ ਆਗੂ ਭੋਲਾ ਸਿੰਘ ਸੇਖੂ, ਬਲਕਰਨ ਸਿੰਘ ਬਾਘਾ, ਹਰਦੇਵ ਸਿੰਘ ਬਾਘਾ ਸਾਬਕਾ ਸਰਪੰਚ, ਪ੍ਰਧਾਨ ਸੁਰਿੰਦਰਪਾਲ ਸਿੰਘ ਸਰਾਂ ਚੱਕ ਹੀਰਾ ਸਿੰਘ ਵਾਲਾ, ਬਲਾਕ ਸੰਮਤੀ ਮੈਂਬਰ ਸੁਖਜੀਤ ਕੌਰ, ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |