ਬਠਿੰਡਾ, 3 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ ਸਬੰਧੀ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 'ਡਰੱਗ ਅਤੇ ਸੋਸ਼ਿਓ-ਇਕਨਾਮਿਕ ਸੈਂਸਸ' ਕਰਵਾਇਆ ਜਾ ਰਿਹਾ ਹੈ | ਇਸ ਪ੍ਰਕਿਰਿਆ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਪੂਰਾ ਕਰਨ ਲਈ ਜ਼ਿਲ੍ਹੇ ਦੇ ਸਮੂਹ 1193 ਪੋਲਿੰਗ ਬੂਥਾਂ 'ਤੇ ਐਨਯੂਮੇਰੇਟਰ (ਗਿਣਤੀਕਾਰ) ਤਾਇਨਾਤ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਸੈਂਸਸ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿਚ ਨਸ਼ਿਆਂ ਨਾਲ ਸਬੰਧਿਤ ਹਾਲਾਤਾਂ ਅਤੇ ਲੋਕਾਂ ਦੀ ਸਮਾਜਿਕ-ਆਰਥਿਕ ਸਥਿਤੀ ਬਾਰੇ ਸਹੀ ਅਤੇ ਤਾਜ਼ਾ ਡਾਟਾ ਇਕੱਠਾ ਕਰਨਾ ਹੈ, ਤਾਂ ਜੋ ਸਰਕਾਰ ਵਲੋਂ ਲੋਕ-ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ | ਉਨ੍ਹਾਂ ਜ਼ਿਲ੍ਹਾ ਪੱਧਰੀ ਤਿਆਰੀਆਂ, ਲਾਜਿਸਟਿਕਲ ਪ੍ਰਬੰਧਾਂ, ਸਿਖ਼ਲਾਈ ਯੋਜਨਾਵਾਂ, ਪੇਂਡੂ ਅਤੇ ਸ਼ਹਿਰੀ ਕਵਰੇਜ ਰਣਨੀਤੀਆਂ ਅਤੇ ਸਥਾਨਕ ਸੰਸਥਾਵਾਂ ਨਾਲ ਤਾਲਮੇਲ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ ਐਨਯੂਮੇਰੇਟਰ ਘਰ-ਘਰ ਸਰਵੇ ਲਈ ਆਉਣ ਤਾਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਸਹੀ ਅਤੇ ਅੱਪਡੇਟ ਜਾਣਕਾਰੀ ਮੁਹੱਈਆ ਕਰਵਾਈ ਜਾਵੇ | ਉਨ੍ਹਾਂ ਪਾਰਦਰਸ਼ਤਾ, ਅੰਕੜਿਆਂ ਦੀ ਸਟੀਕਤਾ ਅਤੇ ਨਿਰਧਾਰਿਤ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ 'ਤੇ ਵੀ ਜ਼ੋਰ ਦਿੱਤਾ | ਉਨ੍ਹਾਂ ਅਧਿਕਾਰੀਆਂ ਨੂੰ ਸੁਚੱਜੀ ਯੋਜਨਾਬੰਦੀ ਅਤੇ ਅੰਤਰ-ਵਿਭਾਗੀ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਕਿਹਾ | ਇਸ ਦੌਰਾਨ ਉਨ੍ਹਾਂ ਜਨਗਣਨਾ ਐਕਟ ਤਹਿਤ ਮਾਪਦੰਡਾਂ, ਪਰਿਭਾਸ਼ਾਵਾਂ ਅਤੇ ਪ੍ਰਕਿਰਿਆਵਾਂ ਦੀ ਪੂਰੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਦੱਸਿਆ ਇਹ ਸੈਂਸਸ ਜਲਦ ਸ਼ੁਰੂ ਹੋ ਕੇ ਕਰੀਬ 45 ਦਿਨਾਂ ਵਿਚ ਪੂਰਾ ਕੀਤਾ ਜਾਵੇਗਾ ਅਤੇ ਸਰਵੇ ਦੀ ਪ੍ਰਕਿਰਿਆ ਸਰਕਾਰ ਵਲੋਂ ਪ੍ਰਦਾਨ ਕੀਤੀ ਮੋਬਾਈਲ ਐਪਲੀਕੇਸ਼ਨ ਰਾਹੀਂ ਕੀਤੀ ਜਾਵੇਗੀ | ਮੀਟਿੰਗ ਦੌਰਾਨ ਸਾਰੇ ਅਧਿਕਾਰੀਆਂ ਨੂੰ ਸੈਂਸਸ ਨੂੰ ਪਾਰਦਰਸ਼ੀ, ਸਮਾਵੇਸ਼ੀ, ਸਟੀਕ ਅਤੇ ਤਕਨਾਲੋਜੀ ਆਧਾਰਿਤ ਢੰਗ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਪੇਸ਼ੇਵਰ ਇਮਾਨਦਾਰੀ, ਕਾਨੂੰਨੀ ਪਾਲਣਾ ਅਤੇ ਪ੍ਰਸ਼ਾਸਕੀ ਕੁਸ਼ਲਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਕਿਹਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੰਚਨ, ਐਸ. ਡੀ. ਐਮ. ਬਠਿੰਡਾ ਬਲਕਰਨ ਸਿੰਘ, ਐਸ. ਡੀ. ਐਮ. ਰਾਮਪੁਰਾ ਅਤੇ ਮੌੜ ਵੀਰਪਾਲ ਕੌਰ, ਐਸ. ਡੀ. ਐਮ. ਤਲਵੰਡੀ ਸਾਬੋ ਰਾਜੇਸ਼ ਕੁਮਾਰ ਸ਼ਰਮਾ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਭਿਨਵ ਗੋਇਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |