ਮਾਨਸਾ/ਝੁਨੀਰ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ/ਸੰਜੀਵ ਸਿੰਗਲਾ)-ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਜ਼ਿਲੇ੍ਹ ਦੀਆਂ ਕਈ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ | ਉਨ੍ਹਾਂ ਜਿਣਸ ਦੀ ਖ਼ਰੀਦ ਪ੍ਰਕਿਰਿਆ ਅਤੇ ਚੁਕਾਈ ਦੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲੈਂਦਿਆਂ ਕਿਹਾ ਕਿ ਪ੍ਰਸ਼ਾਸਨ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ | ਝੁਨੀਰ ਅਤੇ ਫੱਤਾ ਮਾਲੋਕਾ ਦੇ ਖ਼ਰੀਦ ਕੇਂਦਰਾਂ 'ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚ 1 ਲੱਖ 54 ਹਜ਼ਾਰ ਮੀਟਰਿਕ ਟਨ ਕਣਕ ਪਹੁੰਚ ਚੁੱਕੀ ਹੈ, ਜਿਸ ਵਿਚੋਂ ਸਰਕਾਰੀ ਏਜੰਸੀਆਂ ਵਲੋਂ 97 ਹਜ਼ਾਰ ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਖਰੀਦੀ ਗਈ ਫ਼ਸਲ ਵਿਚੋਂ 33 ਹਜ਼ਾਰ ਮੀਟਰਿਕ ਟਨ ਦੀ ਚੁਕਾਈ ਵੀ ਕਰਵਾਈ ਜਾ ਚੁੱਕੀ ਹੈ | ਉਨ੍ਹਾਂ ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦੀ ਜਾਂਚ ਵੀ ਕੀਤੀ | ਅਨਾਜ ਮੰਡੀਆਂ ਦੇ ਦਾਖਲਾ ਗੇਟਾਂ 'ਤੇ ਸਥਾਪਿਤ ਫ਼ਸਟ ਏਡ (ਮੁੱਢਲੀ ਸਹਾਇਤਾ) ਕੇਂਦਰਾਂ, ਪੀਣ ਲਈ ਸਾਫ਼ ਅਤੇ ਠੰਢੇ ਪਾਣੀ ਦੇ ਪ੍ਰਬੰਧ, ਪਖਾਨਿਆਂ ਦੀ ਨਿਯਮਤ ਸਫ਼ਾਈ ਦੇ ਪ੍ਰਬੰਧ ਵੀ ਦੇਖੇ | ਉਨ੍ਹਾਂ ਕੁਝ ਢੇਰੀਆਂ ਵਿਚ ਨਮੀ ਦੀ ਮਾਤਰਾ ਨਿਰਧਾਰਿਤ ਮਾਪਦੰਡਾਂ ਨਾਲੋਂ ਵੱਧ ਪਾਏ ਜਾਣ 'ਤੇ ਇਕ-ਦੋ ਦਿਨ ਦੀ ਤੇਜ਼ ਧੁੱਪ ਤੋਂ ਬਾਅਦ ਜਿਵੇਂ ਹੀ ਨਮੀ ਘਟੇਗੀ ਤਾਂ ਅਧਿਕਾਰੀਆਂ ਨੂੰ ਤੁਰੰਤ ਖ਼ਰੀਦ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਮੁਸ਼ਕਿਲਾਂ ਦਾ ਫ਼ੌਰੀ ਹੱਲ ਕੀਤਾ ਜਾਵੇ | ਇਸ ਮੌਕੇ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ, ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾ, ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਆਦਿ ਹਾਜ਼ਰ ਸਨ |