ਮਾਨਸਾ, 20 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਤਾ ਜੌਹਲ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ ਕੋ-ਆਰਡੀਨੇਸ਼ਨ ਸੈਂਟਰ ਦੀ ਜ਼ਿਲ੍ਹਾ ਪੱਧਰੀ ਕਮੇਟੀ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਨਸ਼ੇ ਦੀ ਰੋਕਥਾਮ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਅਤੇ ਪ੍ਰਸ਼ਾਸਨਿਕ ਕਾਰਵਾਈਆਂ ਦੀ ਸਮੀਖਿਆ ਕੀਤੀ | ਉਨ੍ਹਾਂ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਦੀ ਕਾਰਗੁਜ਼ਾਰੀ ਦਾ ਨਿਰੀਖਣ ਕਰਦਿਆਂ ਹਦਾਇਤ ਕੀਤੀ ਕਿ ਇਲਾਜ ਲਈ ਆਉਣ ਵਾਲੇ ਵਿਅਕਤੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ | ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਤੇ ਐਕਸਾਈਜ਼ ਵਿਭਾਗ ਨੂੰ ਆਦੇਸ਼ ਦਿੱਤੇ ਕਿ ਗੁਆਂਢੀ ਰਾਜਾਂ ਨਾਲ ਲੱਗਦੀਆਂ ਜ਼ਿਲ੍ਹਾ ਮਾਨਸਾ ਦੀਆਂ ਹੱਦਾਂ 'ਤੇ ਚੌਕਸੀ ਹੋਰ ਵਧਾਈ ਜਾਵੇ ਤਾਂ ਜੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਪੂਰੀ ਤਰ੍ਹਾਂ ਨਕੇਲ ਪਾਈ ਜਾ ਸਕੇ | ਉਨ੍ਹਾਂ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਕਿ ਮੈਡੀਕਲ ਸਟੋਰਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ | ਡੀ.ਐੱਸ.ਪੀ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਤੇਜ਼ੀ ਨਾਲ ਜਾਰੀ ਹੈ ਅਤੇ ਕਈ ਵੱਡੀਆਂ ਬਰਾਮਦਗੀਆਂ ਕੀਤੀਆਂ ਗਈਆਂ ਹਨ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |