ਮਾਨਸਾ, 22 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਰਾਜ ਅਤੇ ਕੇਂਦਰ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣ ਦੇ ਮਕਸਦ ਨਾਲ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ | ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ, ਖ਼ਾਸ ਕਰ ਕੇ ਅਨੁਸੂਚਿਤ ਜਾਤੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ | ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਅਤੇ ਵਾਰਡਾਂ 'ਚ ਜਾ ਕੇ ਲੋਕਾਂ ਨੂੰ ਸਕੀਮਾਂ ਬਾਰੇ ਜਾਗਰੂਕ ਕਰਨ ਤਾਂ ਜੋ ਕੋਈ ਵੀ ਲਾਭ ਤੋਂ ਵਾਂਝਾ ਨਾ ਰਹੇ | ਅਨੁਪਿ੍ਤਾ ਜੌਹਲ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕ ਭਲਾਈ ਸਕੀਮਾਂ 'ਚ ਪਾਰਦਰਸ਼ਤਾ ਲਿਆਂਦੀ ਜਾਵੇ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਲਾਭਪਾਤਰੀਆਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨ ਦੀ ਬਜਾਏ ਉਨ੍ਹਾਂ ਨੂੰ ਮਿਥੇ ਸਮੇਂ 'ਚ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ | ਇਸ ਮੌਕੇ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਗੁਰਿੰਦਰਜੀਤ ਸਿੰਘ ਧਾਲੀਵਾਲ, 'ਆਪ' ਮਹਿਲਾ ਵਿੰਗ ਪ੍ਰਧਾਨ ਸ਼ਰਨਜੀਤ ਕੌਰ, ਕਿਰਤਪਾਲ ਸਿੰਘ ਕਿਰਤੀ, ਰਣਦੀਪ ਸ਼ਰਮਾ, ਡਾ. ਭਰਪੂਰ ਸਿੰਘ ਆਦਿ ਹਾਜ਼ਰ ਸਨ |