ਮਾਨਸਾ, 22 ਅਪ੍ਰੈਲ (ਰਾਵਿੰਦਰ ਸਿੰਘ ਰਵੀ)- ਜਨਗਣਨਾ-2027 ਦੀਆਂ ਤਿਆਰੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਂਸਜ਼ ਅਫ਼ਸਰ ਨਵਜੋਤ ਕੌਰ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਇਕੱਤਰਤਾ ਹੋਈ | ਮੀਟਿੰਗ 'ਚ ਜ਼ਿਲ੍ਹੇ ਨਾਲ ਸਬੰਧਿਤ ਸਮੂਹ ਚਾਰਜ ਸੈਂਸਜ਼ ਅਫ਼ਸਰਾਂ ਨੂੰ ਜਨਗਣਨਾ ਪ੍ਰਕਿਰਿਆ ਦੇ ਪ੍ਰਸ਼ਾਸਨਿਕ ਪਹਿਲੂਆਂ ਅਤੇ ਤਕਨੀਕੀ ਬਾਰੀਕੀਆਂ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਇਸ ਵਾਰ ਜਨਗਣਨਾ ਦੀ ਪੂਰੀ ਕਾਰਵਾਈ ਹਾਈ-ਟੈੱਕ ਤਰੀਕੇ ਨਾਲ 'ਡਿਜੀਟਲ ਮੋਡ' ਰਾਹੀਂ ਪੂਰੀ ਕੀਤੀ ਜਾਵੇਗੀ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੱਤੀ ਕਿ ਆਮ ਲੋਕਾਂ ਦੀ ਸਹੂਲਤ ਲਈ 'ਸਵੈ-ਗਣਨਾ' ਪੋਰਟਲ 30 ਅਪ੍ਰੈਲ ਤੋਂ 14 ਮਈ ਤੱਕ ਖੁੱਲ੍ਹੇਗਾ ਅਤੇ ਕੋਈ ਵੀ ਵਿਅਕਤੀ ਘਰ ਬੈਠੇ ਹੀ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰਵਾ ਸਕੇਗਾ ਅਤੇ ਇਸ ਉਪਰੰਤ ਗਿਣਤੀਕਾਰਾਂ ਵਲੋ 15 ਮਈ ਤੋਂ 13 ਜੂਨ ਤੱਕ ਫ਼ੀਲਡ ਸਰਵੇ ਸ਼ੁਰੂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ 26 ਫ਼ੀਲਡ ਟਰੇਨਰਾਂ ਨੂੰ ਪਹਿਲਾਂ ਹੀ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਅਗਲੇ ਪੜਾਅ ਤਹਿਤ ਵੱਖ-ਵੱਖ ਬੈਂਚਾਂ 'ਚ ਸੈਸ਼ਨ ਆਧਾਰਿਤ ਸਿਖਲਾਈ 24 ਅਪ੍ਰੈਲ ਤੋਂ ਸ਼ੁਰੂ ਹੋਵੇਗੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕਾਰਜ ਨੂੰ ਪੂਰੀ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਜਾਵੇ ਤਾਂ ਜੋ ਜਨਗਣਨਾ ਦੇ ਸਪਸ਼ਟ ਅਤੇ ਸਹੀ ਅੰਕੜੇ ਪ੍ਰਾਪਤ ਕੀਤੇ ਜਾ ਸਕਣ | ਇਸ ਮੌਕੇ ਏ.ਡੀ.ਸੀ. ਅਨੁਪਿ੍ਤਾ ਜੌਹਲ, ਉਪ ਮੰਡਲ ਮੈਜਿਸਟਰੇਟ ਬਲਜੀਤ ਕੌਰ, ਗਗਨਦੀਪ ਸਿੰਘ ਤੇ ਹਰਜਿੰਦਰ ਸਿੰਘ ਜੱਸਲ, ਉਪ ਅਰਥ ਤੇ ਅੰਕੜਾ ਸਲਾਹਕਾਰ ਰਣਜੀਤ ਸਿੰਘ, ਮਾਸਟਰ ਟਰੇਨਰ ਸੁਸ਼ੀਲ ਕੁਮਾਰ ਗੋਇਲ, ਜ਼ਿਲ੍ਹਾ ਕੋਆਰਡੀਨੇਟਰ ਲਵਦੀਪ ਸਿੰਘ ਆਦਿ ਹਾਜ਼ਰ ਸਨ |