ਮਾਨਸਾ, 3 ਮਈ (ਬਲਵਿੰਦਰ ਸਿੰਘ ਧਾਲੀਵਾਲ)- ਪਿਛਲੇ ਮਹੀਨੇ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਦੇ ਕਈ ਪਿੰਡਾਂ 'ਚ ਬਾਰਸ਼ ਤੇ ਗੜੇਮਾਰੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ ਪੰਜਾਬ ਸਰਕਾਰ ਵਲੋਂ 9 ਕਰੋੜ ਰੁਪਏ ਦੇ ਕਰੀਬ ਰਕਮ ਜਾਰੀ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸਾਂਝੀ ਕਰਦਿਆਂ ਦੱਸਿਆ ਕਿ ਹਲਕੇ ਦੇ 7 ਪਿੰਡਾਂ ਝੰਡਾ ਕਲਾਂ, ਝੰਡਾ ਖ਼ੁਰਦ, ਰੋੜਕੀ, ਭੂੰਦੜ, ਟਿੱਬੀ ਹਰੀ ਸਿੰਘ, ਭੰਮੇ ਕਲਾਂ ਤੇ ਸਰਦੂਲੇਵਾਲਾ 'ਚ ਗੜੇਮਾਰੀ ਤੇ ਮੀਂਹ ਨਾਲ 8905 ਏਕੜ ਫ਼ਸਲ ਪ੍ਰਭਾਵਿਤ ਹੋਈ ਸੀ | ਉਨ੍ਹਾਂ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਤੁਰੰਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਧਿਆਨ 'ਚ ਲਿਆਂਦਾ ਜਿਨ੍ਹਾਂ ਦੇ ਆਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਗਿਰਦਾਵਰੀ ਕਰਵਾਈ ਗਈ | ਵਿਧਾਇਕ ਅਨੁਸਾਰ ਪੰਜਾਬ ਸਰਕਾਰ ਵਲੋਂ 8 ਕਰੋੜ 90 ਲੱਖ 50 ਹਜ਼ਾਰ ਰੁਪਏ ਜਾਰੀ ਕਰ ਦਿੱਤੇ ਗਏ ਹਨ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਹਲਕਾ ਸਰਦੂਲਗੜ੍ਹ ਦਾ ਵਿਕਾਸ ਜਿੰਨਾ ਪਿਛਲੇ 4 ਵਰਿ੍ਹਆਂ ਦੌਰਾਨ ਹੋਇਆ ਹੈ ਉਹ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਨਹੀਂ ਹੋਇਆ | ਉਨ੍ਹਾਂ ਦੱਸਿਆ ਕਿ ਜਲਦ ਹੀ ਕਿਸਾਨਾਂ ਨੂੰ ਮੁਆਵਜ਼ੇ ਦੀ ਰਕਮ ਵੰਡ ਦਿੱਤੀ ਜਾਵੇਗੀ |
ਸਰਦੂਲਗੜ੍ਹ ਹਲਕੇ 'ਚ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ 9 ਕਰੋੜ ਦੇ ਕਰੀਬ ਰਕਮ ਜਾਰੀ-ਵਿਧਾਇਕ ਬਣਾਂਵਾਲੀ <br/>
ਅਜੀਤ ਡੈਸਕ
04-05-2026