ਮਾਨਸਾ/ਜੌੜਕੀਆਂ, 8 ਮਈ (ਬਲਵਿੰਦਰ ਸਿੰਘ ਧਾਲੀਵਾਲ, ਲਕਵਿੰਦਰ ਸ਼ਰਮਾ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ -2026 ਦੇ ਪਾਸ ਹੋਣ ਉਪਰੰਤ ਆਰੰਭ ਕੀਤੀ ਗਈ 'ਸ਼ੁਕਰਾਨਾ ਯਾਤਰਾ' ਦੇ ਤੀਜੇ ਦਿਨ ਮਾਨਸਾ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਪਿੰਡ ਬਹਿਣੀਵਾਲ ਅਤੇ ਅਰਵਿੰਦ ਨਗਰ ਮਾਨਸਾ ਵਿਖੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ 'ਚ ਹੁਣ ਕੋਈ ਵੀ ਦੋਸ਼ੀ ਮਾਨਸਿਕ ਬਿਮਾਰੀ ਦਾ ਦਿਖਾਵਾ ਕਰਕੇ ਜਾਂ ਮਨਘੜਤ ਬਹਾਨਿਆਂ ਪਿੱਛੇ ਪਨਾਹ ਲੈ ਕੇ ਸਜ਼ਾ ਤੋਂ ਨਹੀਂ ਬਚ ਸਕੇਗਾ ਕਿਉਂਕਿ ਨਵੇਂ ਕਾਨੂੰਨ 'ਚ ਸਪਸ਼ਟ ਤੌਰ 'ਤੇ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲਿਆਂ ਲਈ ਉਮਰ ਕੈਦ ਦੀ ਸਜ਼ਾ ਦਾ ਪ੍ਰਬੰਧ ਹੈ ਅਤੇ ਅਜਿਹੇ ਘਿਣਾਉਣੇ ਕੰਮਾਂ ਦੇ ਸੰਚਾਲਕਾਂ, ਰੱਖਿਅਕਾਂ ਅਤੇ ਸਾਜ਼ਿਸ਼ ਰਚਣ ਵਾਲਿਆਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ | ਵਿਰੋਧੀ ਪਾਰਟੀਆਂ ਅਕਾਲੀ ਦਲ ਤੇ ਕਾਂਗਰਸ 'ਤੇ ਤਿੱਖੇ ਹਮਲੇ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਹਾਈ ਕੋਰਟ ਤੱਕ ਪਹੁੰਚ ਕਰਕੇ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ਕਿਉਂਕਿ ਉਹ ਆਪਣੇ ਆਪ ਅਤੇ ਆਪਣੇ ਰਾਜਨੀਤਕ ਸਾਥੀਆਂ ਨੂੰ ਕਾਨੂੰਨ ਦੇ ਘੇਰੇ ਤੋਂ ਬਚਾਉਣਾ ਚਾਹੁੰਦੇ ਸਨ ਪਰ ਅਦਾਲਤ ਨੇ ਉਨ੍ਹਾਂ ਦੀਆਂ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ | ਮੁੱਖ ਮੰਤਰੀ ਨੇ ਕਿਹਾ ਕਿ ਮਾਲਵਾ ਖੇਤਰ 'ਚ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਨਾਲ ਸੂਬਾ ਸਰਕਾਰ ਨੇ ਇਤਿਹਾਸਕ ਤੇ ਇਨਕਲਾਬੀ ਕਾਰਜ ਕੀਤਾ ਹੈ | ਇਸੇ ਤਰ੍ਹਾਂ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਵੀ ਦਿੱਤੀ ਜਾ ਰਹੀ ਹੈ, ਜੋ ਤਰੱਕੀ ਦਾ ਗਵਾਹ ਬਣ ਰਹੀ ਹੈ | ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਕਰ ਦਾਤਾਵਾਂ ਦਾ ਪੈਸਾ ਹੁਣ ਕਮਿਸ਼ਨਾਂ ਅਤੇ ਭਿ੍ਸ਼ਟਾਚਾਰ ਰਾਹੀਂ ਹੜੱਪਣ ਦੀ ਬਜਾਏ ਵਿਕਾਸ ਕਾਰਜਾਂ 'ਤੇ ਇਮਾਨਦਾਰੀ ਨਾਲ ਖ਼ਰਚ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਹੈ, ਜਿਸ ਤਹਿਤ ਪੰਜਾਬ ਦੀ ਹਰ ਅÏਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲਣਗੇ ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਅÏਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਬੈਂਕ ਖਾਤਿਆਂ ਵਿਚ ਮਿਲਣਗੇ | ਇਸੇ ਤਰ੍ਹਾਂ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ | ਇਸ ਮੌਕੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ, 'ਆਪ' ਆਗੂ ਚੁਸਪਿੰਦਰਬੀਰ ਸਿੰਘ ਚਹਿਲ, ਚਰਨਜੀਤ ਸਿੰਘ ਅੱਕਾਂਵਾਲੀ, ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਕੌਰ, ਮਾਰਕੀਟ ਕਮੇਟੀ ਭੀਖੀ ਦੇ ਚੇਅਰਮੈਨ ਮਾ: ਵਰਿੰਦਰ ਸੋਨੀ ਤੋਂ ਇਲਾਵਾ ਹੋਰ ਆਗੂਆਂ, ਪ੍ਰਸ਼ਾਸਨਿਕ ਅਧਿਕਾਰੀਆਂ ਤੇ ਆਮ ਲੋਕਾਂ ਨੇ ਸ਼ੁਕਰਾਨਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ |
ਨਹਿਰੀ ਪਾਣੀ ਟੇਲਾਂ ਤੱਕ ਪਹੁੰਚਣ ਨਾਲ ਪੰਜਾਬ 'ਚ ਇਤਿਹਾਸਕ ਤਬਦੀਲੀ ਆਈ-ਮੁੱਖ ਮੰਤਰੀ <br/>
ਅਜੀਤ ਡੈਸਕ
09-05-2026