ਮਹਿਰਾਜ, 12 ਮਈ (ਸੁਖਪਾਲ ਮਹਿਰਾਜ)-ਪੰਜਾਬ ਵਿਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ | ਇਸੇ ਤਹਿਤ ਕਾਂਗਰਸ ਪਾਰਟੀ ਦੇ ਲਗਾਏ ਅਬਜ਼ਰਵਰ ਵਲੋਂ ਨਗਰ ਪੰਚਾਇਤ ਮਹਿਰਾਜ ਦੇ ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਬੀਰਾ ਦੇ ਗ੍ਰਹਿ ਮਹਿਰਾਜ ਵਿਖੇ ਮੀਟਿੰਗ ਹੋਈ | ਮੀਟਿੰਗ ਵਿਚ ਚੋਣ ਅਬਜ਼ਰਵਰ ਅਵਤਾਰ ਸਿੰਘ ਗੋਨਿਆਣਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਵਿਚ ਸਥਾਨਕ ਲੀਡਰਸ਼ਿਪ ਨਾਲ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀਆਂ ਭਾਵਨਾਵਾਂ ਅਤੇ ਵਿਕਾਸ ਦੇ ਮੁੱਦਿਆਂ ਨੂੰ ਪਹਿਲ ਦਿੰਦੀ ਆਈ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਵਾਰਡ ਪੱਧਰ 'ਤੇ ਮਜ਼ਬੂਤ ਅਤੇ ਇਮਾਨਦਾਰ ਉਮੀਦਵਾਰ ਚੁਣਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ | ਚੋਣ ਅਬਜ਼ਰਵਰ ਅਵਤਾਰ ਸਿੰਘ ਗੋਨਿਆਣਾ ਨੇ ਕਿਹਾ ਕਿ ਪਾਰਟੀ ਵਰਕਰਾਂ ਦੀ ਏਕਤਾ ਹੀ ਕਾਂਗਰਸ ਦੀ ਸਭ ਤੋਂ ਵੱਡੀ ਤਾਕਤ ਹੈ | ਉਨ੍ਹਾਂ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ | ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਬੀਰਾ ਨੇ ਕਿਹਾ ਕਿ ਮਹਿਰਾਜ ਦੇ ਲੋਕਾਂ ਨੇ ਹਮੇਸ਼ਾਂ ਕਾਂਗਰਸ ਪਾਰਟੀ 'ਤੇ ਵਿਸ਼ਵਾਸ ਜਤਾਇਆ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਮਜ਼ਬੂਤੀ ਨਾਲ ਮੈਦਾਨ ਵਿਚ ਉਤਰੇਗੀ ਅਤੇ ਵਰਕਰਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਨਗਰ ਪੰਚਾਇਤ ਚੋਣਾਂ ਵਿਚ ਨੌਜਵਾਨਾਂ ਦੀ ਭੂਮਿਕਾ ਅਹਿਮ ਰਹੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਪੂਰੀ ਤਰ੍ਹਾਂ ਤਿਆਰ ਹੈ | ਇਸ ਮੌਕੇ ਮਨਜੀਤ ਸਿੰਘ ਭਾਨੂੰ, ਸਾਬਕਾ ਐਮ ਸੀ ਰਣਜੀਤ ਸਿੰਘ ਕਾਲਾ, ਨਛੱਤਰ ਸਿੰਘ, ਤੋਤਾ ਸਿੰਘ, ਪ੍ਰਗਟ ਸਿੰਘ, ਬੀਰਾ ਸਿੰਘ, ਬਾਰਾਂ ਸਿੰਘ, ਰੂੜ ਸਿੰਘ ਆਦਿ ਹਾਜ਼ਰ ਸਨ |