ਮਾਨਸਾ, 20 ਮਈ (ਰਾਵਿੰਦਰ ਸਿੰਘ ਰਵੀ)- 2 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਸਿੱਖਿਆ ਵਿਭਾਗ 'ਚ ਕੰਮ ਕਰਦੇ 1007 ਮੁਲਾਜ਼ਮ ਫ਼ਾਕੇ ਕੱਟਣ ਲਈ ਮਜਬੂਰ ਹਨ | ਦੱਸ ਦੇਈਏ ਕਿ 9 ਮਾਰਚ 2026 ਨੂੰ ਪੰਜਾਬ ਸਰਕਾਰ ਵਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਸਰਵ ਸਿੱਖਿਆ ਅਭਿਆਨ 'ਚੋਂ ਤਬਦੀਲ ਕਰ ਕੇ ਸਿੱਖਿਆ ਵਿਭਾਗ 'ਚ ਲਿਆਂਦਾ ਗਿਆ ਸੀ ਅਤੇ ਬੇਸਿਕ ਤਨਖ਼ਾਹ 19900 ਪ੍ਰਤੀ ਮਹੀਨਾ ਕੀਤੀ ਗਈ ਸੀ | ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਵਨੀਤ ਕੁਮਾਰ ਨੇ ਦੋਸ਼ ਲਗਾਇਆ ਕਿ ਸਿੱਖਿਆ ਵਿਭਾਗ 'ਚ ਤਬਦੀਲ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਚੰਗੀਆਂ ਤਨਖ਼ਾਹਾਂ ਦਿੱਤੀਆਂ ਜਾਂਦੀਆਂ ਸਨ ਪਰ ਹੁਣ ਨਿਗੂਣੀਆਂ ਤਨਖ਼ਾਹਾਂ ਵੀ ਸਮੇਂ ਸਿਰ ਨਹੀਂ ਜਾਰੀ ਕੀਤੀਆਂ ਜਾ ਰਹੀਆਂ | ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਵਲੋਂ ਅਣਲੋੜੀਦੀਆਂ ਸ਼ਰਤਾਂ ਲਗਾ ਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਨਾਲ ਮੁਲਾਜ਼ਮਾਂ 'ਚ ਸਰਕਾਰ ਪ੍ਰਤੀ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਹਨ ਪਰ ਅੱਜ ਵੀ ਸੂਬਾ ਸਰਕਾਰ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ | ਉਨ੍ਹਾਂ ਕਿਹਾ ਕਿ 23 ਮਈ ਨੂੰ ਸੂਬੇ ਦੇ ਸਾਰੇ ਦਫ਼ਤਰੀ ਮੁਲਾਜ਼ਮ ਆਪਣੇ ਬੱਚਿਆਂ ਸਮੇਤ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਦਿੜ੍ਹਬਾ ਰਿਹਾਇਸ਼ ਵਿਖੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਤਨਖ਼ਾਹਾਂ ਜਲਦ ਜਾਰੀ ਨਾ ਕੀਤੀਆਂ ਗਈਆਂ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਗੁਰਮੀਤ ਸਿੰਘ, ਮਨਦੀਪ, ਮਲਕਿੰਦਰ ਸਿੰਘ, ਅਨੀਤਾ ਰਾਣੀ, ਮਨਪ੍ਰੀਤ ਕੌਰ, ਸ਼ਾਰਦਾ ਰਾਣੀ, ਜਸਪਾਲ ਕੁਮਾਰ, ਨਰੇਸ਼ ਕੁਮਾਰ, ਰੇਨੂ ਰਾਣੀ, ਸਰਬਜੀਤ ਕੌਰ, ਰਾਜ ਕੁਮਾਰ ਆਦਿ ਹਾਜ਼ਰ ਸਨ |