ਮਾਨਸਾ, 21 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਅਮਨ-ਅਮਾਨ, ਨਿਰਪੱਖ, ਸੁਰੱਖਿਅਤ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੀਨੀਅਰ ਆਈ.ਪੀ.ਐਸ. ਅਧਿਕਾਰੀ ਸੁਖਵੰਤ ਸਿੰਘ ਗਿੱਲ ਡੀ.ਆਈ.ਜੀ. (ਇੰਟੈਲੀਜੈਂਸ) ਨੂੰ ਮਾਨਸਾ ਜ਼ਿਲ੍ਹੇ ਲਈ ਪੁਲਿਸ ਆਬਜ਼ਰਵਰ ਤਾਇਨਾਤ ਕੀਤਾ ਗਿਆ ਹੈ | ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ. ਗਿੱਲ 24 ਮਈ ਨੂੰ ਮਾਨਸਾ ਵਿਖੇ ਪਹੁੰਚ ਰਹੇ ਹਨ | ਉਹ ਜ਼ਿਲ੍ਹੇ ਅੰਦਰ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਪ੍ਰਬੰਧਾਂ ਦੀ ਖ਼ੁਦ ਨਿਗਰਾਨੀ ਕਰਨਗੇ | ਪੁਲਿਸ ਆਬਜ਼ਰਵਰ ਦੀ ਦੇਖ-ਰੇਖ ਹੇਠ ਜ਼ਿਲ੍ਹੇ 'ਚ ਸੰਵੇਦਨਸ਼ੀਲ ਇਲਾਕਿਆਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ | ਦੱਸਣਯੋਗ ਹੈ ਕਿ ਵੋਟਾਂ ਪਾਉਣ ਦੀ ਪ੍ਰਕਿਰਿਆ 26 ਮਈ ਨੂੰ ਹੋਵੇਗੀ | ਗਿਣਤੀ 29 ਮਈ ਨੂੰ ਹੋਵੇਗੀ ਅਤੇ ਉਸੇ ਦਿਨ ਨਤੀਜੇ ਐਲਾਨੇ ਜਾਣਗੇ |