ਮਾਨਸਾ, 21 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣ ਪ੍ਰਚਾਰ ਦੇ ਚਲਦਿਆਂ ਭਾਜਪਾ ਵਰਕਰਾਂ ਨਾਲ ਕਿਸੇ ਵੀ ਪ੍ਰਕਾਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਪਿਛਲੇ ਦਿਨੀਂ ਹਲਕਾ ਵਿਧਾਇਕ ਨੇ ਸਿਆਸੀ ਦਬਾਅ ਅਧੀਨ ਕੁਝ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਲੋਕ ਰੋਹ ਨੇ ਅਸਫਲ ਬਣਾ ਦਿੱਤੀ | ਇਹ ਪ੍ਰਗਟਾਵਾ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ, ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਅਤੇ ਜਨਰਲ ਸਕੱਤਰ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਮਾਨਸਾ 'ਚ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜੇ੍ਹ ਕਰਦਿਆਂ ਕਿਹਾ ਕਿ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਭਾਜਪਾ ਵਰਕਰਾਂ ਅਤੇ ਉਮੀਦਵਾਰਾਂ 'ਤੇ ਦਬਾਅ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜੋ ਕਿ ਲੋਕਤੰਤਰ ਲਈ ਖ਼ਤਰਨਾਕ ਸੰਕੇਤ ਹਨ | ਸ: ਨਕੱਈ ਨੇ ਕਿਹਾ ਕਿ ਭਾਜਪਾ ਲੋਕਤੰਤਰ ਅਤੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਲਈ ਹਮੇਸ਼ਾ ਡਟ ਕੇ ਖੜ੍ਹੀ ਰਹੀ ਹੈ ਅਤੇ ਜੇਕਰ ਕਿਸੇ ਵੀ ਭਾਜਪਾ ਵਰਕਰ ਜਾਂ ਉਮੀਦਵਾਰ ਨਾਲ ਪ੍ਰਸ਼ਾਸਨ ਵਲੋਂ ਨਾਜਾਇਜ਼ ਧੱਕੇਸ਼ਾਹੀ ਕੀਤੀ ਗਈ, ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਆਪਣੀ ਸੰਭਾਵਿਤ ਹਾਰ ਨੂੰ ਦੇਖਦੇ ਹੋਏ ਪ੍ਰਸ਼ਾਸਨਿਕ ਤੰਤਰ ਦਾ ਦੁਰਉਪਯੋਗ ਕਰ ਰਹੀ ਹੈ ਅਤੇ ਲੋਕਤੰਤਰਿਕ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਇਆ ਜਾਵੇ |