ਬੁਢਲਾਡਾ, 1 ਜੂਨ (ਸਵਰਨ ਸਿੰਘ ਰਾਹੀ)- ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕ ਅਤੇ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬੁਢਲਾਡਾ ਦੀ ਟੀਮ ਵਲੋਂ ਸਥਾਨਕ ਸ਼ਹਿਰ ਦੇ ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਤੇ ਗੁਦਾਮਾਂ ਦੀ ਜਾਂਚ ਕੀਤੀ ਗਈ | ਖੇਤੀ ਅਧਿਕਾਰੀਆਂ ਨੇ ਵੱਖ-ਵੱਖ ਦੁਕਾਨਦਾਰਾਂ ਦੇ ਸਟਾਕ ਅਤੇ ਸਟਾਕ ਰਜਿਸਟਰਾਂ ਦੀ ਵੀ ਚੈਕਿੰਗ ਕੀਤੀ ਗਈ | ਮੁੱਖ ਖੇਤੀਬਾੜੀ ਅਫ਼ਸਰ ਡਾ. ਸਿੱਧੂ ਨੇ ਦੱਸਿਆ ਕਿ ਚੈਕਿੰਗ ਦੌਰਾਨ ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸਾਨ ਨੂੰ ਖੇਤੀ ਸਮੱਗਰੀ ਦੇਣ ਸਮੇਂ ਪੱਕਾ ਬਿੱਲ, ਜਿਸ ਉੱਪਰ ਬੈਚ ਨੰਬਰ, ਲਾਟ ਨੰਬਰ ਆਦਿ ਦੇਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਦੁਕਾਨ ਦੇ ਬਾਹਰ ਸਟਾਕ ਬੋਰਡ ਲੱਗਿਆ ਹੋਣਾ ਚਾਹੀਦਾ ਹੈ | ਇਸ ਤੋਂ ਇਲਾਵਾ ਸਟਾਕ ਰਜਿਸਟਰ ਅਤੇ ਅਥਾਰਿਟੀ ਲੈਟਰ ਸਬੰਧੀ ਮੁਕੰਮਲ ਰਿਕਾਰਡ ਰੱਖਿਆ ਜਾਵੇ ਤਾਂ ਜੋ ਰਿਕਾਰਡ ਘੋਖਣ 'ਚ ਵਿਭਾਗ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ: ਜਰਮਨਜੋਤ ਸਿੰਘ, ਡਾ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |