ਮਾਨਸਾ, 8 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਡਾ. ਅੰਬੇਡਕਰ ਨਗਰ (ਭੱਠਾ ਬਸਤੀ) 'ਚ ਪਿਛਲੇ ਕਈ ਦਿਨਾਂ ਤੋਂ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਤੋਂ ਅੱਕੇ ਲੋਕਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਭਾਜਪਾ ਯੁਵਾ ਮੋਰਚਾ ਮੰਡਲ ਪ੍ਰਧਾਨ ਸਰਕਲ-2 ਮਨੀਸ਼ ਕੁਮਾਰ, ਗੋਰਾ ਲਾਲ, ਵਿਜੇ ਕੁਮਾਰ, ਰਾਹੁਲ ਕੁਮਾਰ ਤੇ ਪਿੰਕੂ ਗਰਗ ਨੇ ਦੋਸ਼ ਲਗਾਇਆ ਕਿ ਇਹ ਮਸਲਾ ਨਗਰ ਕੌਂਸਲ ਤੇ ਸਬੰਧਿਤ ਅਧਿਕਾਰੀਆਂ ਦੇ ਧਿਆਨ 'ਚ ਲਿਆਉਣ ਦੇ ਬਾਵਜੂਦ ਪਰਨਾਲਾ ਜਿਉਂ ਦਾ ਤਿਉਂ ਹੈ | ਉਨ੍ਹਾਂ ਕਿਹਾ ਕਿ ਸੀਵਰੇਜ ਦਾ ਪਾਣੀ ਖੜ੍ਹਨ ਕਾਰਨ ਰਾਹਗੀਰਾਂ ਨੂੰ ਆਉਣ-ਜਾਣ 'ਚ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਨਗਰ ਵਾਸੀਆਂ ਨੇ ਕਿਹਾ ਕਿ ਬਰਸਾਤ ਦੇ ਦਿਨਾਂ 'ਚ ਤਾਂ ਸਥਿਤੀ ਬਦ ਤੋਂ ਬਦਤਰ ਹੋ ਜਾਂਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸੀਵਰੇਜ ਦਾ ਪਾਣੀ ਇਵੇਂ ਹੀ ਖੜ੍ਹਾ ਰਿਹਾ ਤਾਂ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਬਣ ਸਕਦਾ ਹੈ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਖੜ੍ਹੇ ਸੀਵਰੇਜ ਦੇ ਪਾਣੀ ਦਾ ਠੋਸ ਪ੍ਰਬੰਧ ਕੀਤਾ ਜਾਵੇ |