ਮਾਨਸਾ, 15 ਜੂਨ (ਵਿ.ਪ੍ਰਤੀ.)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਨੇ ਦਾਅਵਾ ਕੀਤਾ ਹੈ ਕਿ ਪੰਜਾਬ 'ਚ ਭਾਜਪਾ ਦੀ ਸਰਕਾਰ ਬਣੇਗੀ ਅਤੇ ਕੇਂਦਰ ਅਤੇ ਸੂਬੇ ਵਿਚ ਡਬਲ ਇੰਜਣ ਦੀ ਸਰਕਾਰ ਹੋਣ ਕਾਰਨ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ | ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ 'ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ, ਨਵੇਂ ਉਦਯੋਗ ਸਥਾਪਤ ਕਰਨ ਲਈ ਉਚਿੱਤ ਮਾਹੌਲ ਬਣਾਇਆ ਜਾਵੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਮੌਕੇ ਪੈਦਾ ਕੀਤੇ ਜਾਣਗੇ | ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਹੁਣ ਸੂਬੇ 'ਚ ਭਾਜਪਾ ਦੀ ਡਬਲ ਇੰਜਣ ਸਰਕਾਰ ਦੇਖਣਾ ਚਾਹੁੰਦਾ ਹੈ ਕਿਉਂਕਿ ਪਿਛਲੇ ਕਈ ਸਾਲਾਂ ਦੌਰਾਨ ਸੂਬੇ ਦੇ ਵਿਕਾਸ ਦੀ ਰਫ਼ਤਾਰ ਰੁਕ ਗਈ ਹੈ ਅਤੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਮੇਂ ਦੇਸ਼ ਦੇ ਸਭ ਤੋਂ ਖ਼ੁਸ਼ਹਾਲ ਸੂਬਿਆਂ 'ਚ ਗਿਣਿਆ ਜਾਂਦਾ ਸੀ ਪਰ ਪਿਛਲੀਆਂ ਸਰਕਾਰਾਂ ਦੀਆਂ ਨੀਤੀਆਂ ਕਾਰਨ ਅੱਜ ਸੂਬਾ ਕਈ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣ ਚੁੱਕੀ ਹੈ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਨਕੱਈ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗ, ਵਪਾਰ ਅਤੇ ਕਾਰੋਬਾਰ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ | ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਘੱਟ ਹੋ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ |
ਪੰਜਾਬ 'ਚ ਭਾਜਪਾ ਸਰਕਾਰ ਬਣਨ 'ਤੇ ਰੁਜ਼ਗਾਰ ਦੇ ਵੱਧ ਮੌਕੇ ਪੈਦਾ ਕੀਤੇ ਜਾਣਗੇ-ਨਕੱਈ
ਅਜੀਤ ਡੈਸਕ
16-06-2026