ਮਾਨਸਾ, 19 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਜਨਤਾ ਪਾਰਟੀ ਦੇ ਚੰਡੀਗੜ੍ਹ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵਲੋਂ ਪੰਜਾਬੀਆਂ ਪ੍ਰਤੀ ਕੀਤੀਆਂ ਭੱਦੀਆਂ ਟਿੱਪਣੀਆਂ ਦੇ ਰੋਸ ‘ਚ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਵਲੋਂ ਸਥਾਨਕ ਬਾਰਾਂ ਹੱਟਾਂ ਚੌਕ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸ਼ਾਨ, ਸਨਮਾਨ ਨਾਲ ਜੁੜੇ ਮਾਮਲਿਆਂ ‘ਤੇ ਕਿਸੇ ਵੀ ਤਰ੍ਹਾਂ ਦੀ ਭੱਦੀ ਟਿੱਪਣੀ ਨੂੰ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਭਾਜਪਾ ਆਗੂਆਂ ਵਲੋਂ ਸਮੇਂ-ਸਮੇਂ ‘ਤੇ ਪੰਜਾਬ ਅਤੇ ਪੰਜਾਬੀਆਂ ਬਾਰੇ ਦਿੱਤੇ ਜਾਂਦੇ ਬਿਆਨ ਸੂਬੇ ਪ੍ਰਤੀ ਨਕਾਰਾਤਮਿਕ ਅਤੇ ਪੱਖਪਾਤੀ ਸੋਚ ਨੂੰ ਉਜਾਗਰ ਕਰਦੇ ਹਨ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਭਾਜਪਾ ਦੇ ਆਗੂ ਜਾਣਬੁੱਝ ਕੇ ਅਜਿਹੇ ਬਿਆਨ ਦੇ ਕੇ ਲੋਕਾਂ ਵਿਚ ਵੰਡ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਅਤੇ ਸਮਾਜਿਕ ਏਕਤਾ ਨੂੰ ਨੁਕਸਾਨ ਪਹੁੰਚਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ ‘ਚ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ, ਸਾਬਕਾ ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਗਾਗੋਵਾਲ ਤੇ ਗੁਰਪ੍ਰੀਤ ਸਿੰਘ ਵਿੱਕੀ, ਵਪਾਰੀ ਆਗੂ ਸੁਰੇਸ਼ ਕੁਮਾਰ ਨੰਦਗੜ੍ਹੀਆ, ਨਗਰ ਕੌਂਸਲ ਮਾਨਸਾ ਦੇ ਸਾਬਕਾ ਪ੍ਰਧਾਨ ਨਰੋਤਮ ਸਿੰਘ ਚਹਿਲ ਤੇ ਮਨਦੀਪ ਸਿੰਘ ਗੋਰਾ, ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ, ਬਲਵਿੰਦਰ ਨਾਰੰਗ, ਡਾ. ਮਨਜੀਤ ਸਿੰਘ ਰਾਣਾ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਪ੍ਰਿਤਪਾਲ ਸਿੰਘ ਡਾਲੀ, ਬਲਵੀਰ ਸਿੰਘ ਦੰਦੀਵਾਲ, ਸੁਦਰਸ਼ਨ ਸਿੰਘ ਖਾਰਾ, ਜਤਿੰਦਰ ਕੁਮਾਰ ਆਗਰਾ, ਐਡਵੋਕੇਟ ਸਿਮਰਨਜੀਤ ਸਿੰਘ ਮਾਨਸ਼ਾਹੀਆ ਤੇ ਬਲਕਰਨ ਸਿੰਘ ਬੱਲੀ, ਪ੍ਰਿਤਪਾਲ ਮੌਂਟੀ ਸ਼ਰਮਾ, ਕੌਂਸਲਰ ਸਰੋਜ ਰਾਣੀ ਕਮਲ ਆਦਿ ਸਨ।