ਧਰਮਪੁਰਾ (ਮਾਨਸਾ), 24 ਜੂਨ (ਬਲਵਿੰਦਰ ਸਿੰਘ ਧਾਲੀਵਾਲ/ਪਾਲ ਸਿੰਘ ਮੰਡੇਰ)- ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵੇ ਨਾਲ ਕਿਹਾ ਹੈ ਕਿ 2027 ’ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਬੁਢਲਾਡਾ ਹਲਕੇ ਦੇ ਪਿੰਡ ਧਰਮਪੁਰਾ ਵਿਖੇ ਲੋਕ ਮਿਲਣੀ ਦੌਰਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਰਾਜ ਸਰਕਾਰ ਦੀਆਂ ਨੀਤੀਆਂ ਤੇ ਪੂਰੀਆਂ ਕੀਤੀਆਂ ਗਰੰਟੀਆਂ ਦੇ ਮੱਦੇਨਜ਼ਰ ਮੁੜ ਪੰਜਾਬ ਦੀ ਸੱਤਾ ਆਮ ਆਦਮੀ ਪਾਰਟੀ ਦੇ ਹੱਥ ਦੇਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਆਖਿਆ ਕਿ ਆਪ ਪਹਿਲਾਂ ਨਾਲੋਂ ਵੱਧ ਸੀਟਾਂ ਲੈ ਕੇ ਸੂਬੇ ‘ਚ ਸਰਕਾਰ ਕਾਇਮ ਕਰੇਗੀ। ਰਾਜ ਦੇ ਹੱਕਾਂ ਅਤੇ ਹਿਤਾਂ ਦੀ ਰਾਖੀ ਲਈ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਮੁਫ਼ਤ ਬਿਜਲੀ ਅਤੇ ਸਿਹਤ ਸਹੂਲਤਾਂ ਤੋਂ ਲੈ ਕੇ ਮਹਿਲਾ ਸ਼ਕਤੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਤੱਕ ਹਰ ਖੇਤਰ ਵਿਚ ਇਤਿਹਾਸਕ ਪ੍ਰਗਤੀ ਹੋਈ ਹੈ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਸਕੀਮ ਪੰਜਾਬ ਭਰ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ, ਮਾਣ-ਸਤਿਕਾਰ ਅਤੇ ਆਤਮ-ਵਿਸ਼ਵਾਸ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕ ਭਲਾਈ ਵਾਲਾ ਸ਼ਾਸਨ, ਪਾਰਦਰਸ਼ੀ ਪ੍ਰਸ਼ਾਸਨ ਅਤੇ ਸਿਹਤ ਸੰਭਾਲ, ਮਹਿਲਾ ਸ਼ਕਤੀਕਰਨ, ਬਿਜਲੀ ਅਤੇ ਜਨਤਕ ਸੇਵਾਵਾਂ ਦੇ ਖੇਤਰ ਵਿਚ ਇਤਿਹਾਸਕ ਪਹਿਲਕਦਮੀਆਂ ਰਾਹੀਂ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਅਣਥੱਕ ਮਿਹਨਤ ਕੀਤੀ ਹੈ, ਜਿਸ ਸਦਕਾ ਲੋਕਾਈ ‘ਚ ‘ਆਪ’ ਦਾ ਡੰਕਾ ਵੱਜ ਰਿਹਾ ਹੈ। ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ (ਬ), ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੀ ਤਿੱਖੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਬੌਖਲਾਹਟ ‘ਚ ਆਈਆਂ ਇਨ੍ਹਾਂ ਰਵਾਇਤੀ ਪਾਰਟੀਆਂ ਨੇ ਆਪਣੇ ਕਾਰਜਕਾਲ ਦੌਰਾਨ ਤਾਂ ਲੋਕਾਂ ਦੀ ਭਲਾਈ ਵਾਲੇ ਕੰਮ ਨਹੀਂ ਕੀਤੇ ਜਦਕਿ ਹੁਣ ਸਾਂਝਾ ਮੋਰਚਾ ਬਣਾ ਕੇ ‘ਆਪ’ ਖ਼ਿਲਾਫ਼ ਗੁਮਰਾਹਕੁਨ ਪ੍ਰਚਾਰ ‘ਚ ਰੁੱਝੀਆਂ ਹੋਈਆਂ ਹਨ। ਉਨ੍ਹਾਂ ਪਿੰਡ ਧਰਮਪੁਰਾ ਦੇ ਵਿਕਾਸ ਲਈ ਪੰਚਾਇਤ ਨੂੰ 51 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ। ਲੋਕ ਮਿਲਣੀ ਨੂੰ ਹਲਕਾ ਵਿਧਾਇਕ ਬੁੱਧ ਰਾਮ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ, ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸਪਿੰਦਰਬੀਰ ਸਿੰਘ ਚਹਿਲ, ਕਿਸਾਨ ਵਿੰਗ ਦੇ ਆਗੂ ਚਰਨਜੀਤ ਸਿੰਘ ਅੱਕਾਂਵਾਲੀ, ਗਾਇਕ ਆਰ. ਨੇਤ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।