ਮਾਨਸਾ, 24 ਜੂਨ (ਸ.ਰਿ.)- ਯੋਗ ਵੋਟਰਾਂ ਦੀ ਵੋਟ ਬਣਾਉਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ’ਚ ਸ਼ੁਰੂ ਹੋਈ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਸੰਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ । ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁਹਿੰਮ ਨੂੰ ਸਫਲ ਬਣਾਉਣ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫ਼ਸਰ ਆਪਣੇ ਅਧਿਕਾਰਤ ਖੇਤਰਾਂ ਦੇ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਕਰਨਗੇ । ਉਨ੍ਹਾਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਖ਼ਾਸ ਤੌਰ ’ਤੇ ਅਪੀਲ ਕੀਤੀ ਕਿ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟ, ਸਰਕਾਰੀ ਬੂਥ ਲੈਵਲ ਅਫ਼ਸਰਾਂ ਨਾਲ ਨਿਰੰਤਰ ਤਾਲਮੇਲ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ, ਜਦਕਿ ਇਤਰਾਜ਼ ਅਤੇ ਦਾਅਵੇ 3 ਅਗਸਤ ਤੋਂ 2 ਸਤੰਬਰ ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ।