ਬੁਢਲਾਡਾ, 24 ਜੂਨ (ਸਵਰਨ ਸਿੰਘ ਰਾਹੀ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦਾ ਵਫ਼ਦ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਨੂੰ ਮਿਲਿਆ ਅਤੇ ਰਾਜ ਭਰ ’ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਦਰਪੇਸ਼ ਗੰਭੀਰ ਮੁਸ਼ਕਿਲਾਂ ਅਤੇ ਮੁੱਦੇ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ ਗਏ। ਵਫ਼ਦ ਨੇ ਡਾਇਰੈਕਟਰ ਨੂੰ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਸਰਵਰ ਲਗਾਤਾਰ ਡਾਊਨ ਰਹਿਣ ਕਾਰਨ ਵਰਕਰਾਂ ਨੂੰ ਜਨਤਕ ਗ਼ੁੱਸੇ ਦਾ ਸਾਹਮਣਾ ਕਰਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਕਈ ਖੇਤਰਾਂ ’ਚ ਵਰਕਰਾਂ ਨਾਲ ਬਦਸਲੂਕੀ, ਧਮਕੀਆਂ ਅਤੇ ਹਮਲਿਆਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ । ਵਿਭਾਗੀ ਨਾਕਾਮੀਆਂ ਅਤੇ ਤਕਨੀਕੀ ਖ਼ਾਮੀਆਂ ਦਾ ਨੁਕਸ ਆਂਗਣਵਾੜੀ ਵਰਕਰਾਂ ਦੇ ਸਿਰ ਮੜ੍ਹਿਆ ਜਾ ਰਿਹਾ ਹੈ, ਜੋ ਬਿਲਕੁਲ ਗ਼ਲਤ ਹੈ। ਵਫ਼ਦ ਨੇ ਮਜੀਠਾ ਖੇਤਰ ’ਚ ਆਂਗਣਵਾੜੀ ਵਰਕਰਾਂ ਦੇ ਕੀਤੇ ਗਏ ਗੈਰ-ਨਿਯਮਿਤ ਤਬਾਦਲਿਆਂ ਦਾ ਮਾਮਲਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ । ਉਨ੍ਹਾਂ ਚਿਤਾਵਨੀ ਦਿੱਤੀ ਕਿ ਜਥੇਬੰਦੀ ਅਜਿਹੇ ਧੱਕੇਸ਼ਾਹੀ ਵਾਲੇ ਫ਼ੈਸਲਿਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ । ਉਨ੍ਹਾਂ ਦੱਸਿਆ ਕਿ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਵਿਭਾਗ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਲਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸੰਬੰਧੀ ਸਬੰਧਿਤ ਡਿਪਟੀ ਕਮਿਸ਼ਨਰਾਂ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਸਾਰੇ ਡੀ.ਪੀ.ਓਜ਼ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ ਕਿ ਉਹ ਮੌਕੇ ਦਾ ਜਾਇਜ਼ਾ ਲੈ ਕੇ ਵਰਕਰਾਂ ਦੀ ਸੁਰੱਖਿਆ ਯਕੀਨੀ ਬਣਾਉਣ। ਵਫ਼ਦ ’ਚ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਜ਼ਿਲ੍ਹਾ ਪ੍ਰੈੱਸ ਸਕੱਤਰ ਮਨਜੀਤ ਕੌਰ ਬੀਰੋਕੇ, ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ, ਆਲ ਇੰਡੀਆ ਫੈਡਰੇਸ਼ਨ ਆਫ਼ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਦੀ ਜਨਰਲ ਸਕੱਤਰ ਊਸ਼ਾ ਰਾਣੀ, ਸੂਬਾ ਆਗੂ ਰਣਜੀਤ ਕੌਰ ਆਦਿ ਸਨ ।