ਪੰਜਾਬ ਸਰਕਾਰ ’ਤੇ ਮੰਗਾਂ ਨਾ ਮੰਨਣ ਦਾ ਦੋਸ਼
ਮਾਨਸਾ, 25 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਮਨਰੇਗਾ ਕਰਮਚਾਰੀਆਂ ਵਲੋਂ ਸ਼ੁਰੂ ਕੀਤੀ ‘ਕਲਮ ਛੋੜ ਹੜਤਾਲ’ 25ਵੇਂ ਦਿਨ ’ਚ ਦਾਖ਼ਲ ਹੋ ਗਈ ਹੈ। ਮਨਰੇਗਾ ਕਰਮਚਾਰੀ ‘ਤਨਖ਼ਾਹ ਨਹੀਂ ਤਾਂ ਕੰਮ ਨਹੀਂ’ ਦੇ ਨਾਅਰੇ ਹੇਠ ਹੱਕਾਂ ਦੀ ਲੜਾਈ ਲੜ ਰਹੇ ਹਨ। ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਸਾਹਮਣੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਜਸਪਾਲ ਸਿੰਘ ਜੱਸੀ, ਅਭੀ ਸਿੰਗਲਾ ਅਤੇ ਗੁਰਦੀਪ ਸਿੰਘ ਝੱਬਰ ਆਦਿ ਨੇ ਕਿਹਾ ਕਿ ਕਰਮਚਾਰੀਆਂ ਨੂੰ 7 ਮਹੀਨਿਆਂ ਤੋਂ ਤਨਖ਼ਾਹ ਨਹੀਂ ਦਿੱਤੀ ਗਈ। ਉਨ੍ਹਾਂ ਰੋਸ ਪ੍ਰਗਟਾਇਆ ਕਿ ਇੱਕ ਪਾਸੇ ਸਰਕਾਰ ਲੋਕ ਭਲਾਈ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਜਦਕਿ ਦੂਜੇ ਪਾਸੇ ਸੈਂਕੜੇ ਪਰਿਵਾਰ ਆਰਥਿਕ ਤੰਗੀ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਮਨਰੇਗਾ ਕਰਮਚਾਰੀਆਂ ਨਾਲ ਪੰਚਾਇਤ ਵਿਭਾਗ ’ਚ ਮਰਜ਼ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸੱਤਾ ਦੇ ਸਾਢੇ 4 ਸਾਲ ਬਾਅਦ ਵੀ ਮੰਗਾਂ ਨੂੰ ਬੂਰ ਨਹੀਂ ਪਿਆ। ਉਨ੍ਹਾਂ ਕਿਹਾ ਕਿ ਮਨਰੇਗਾ ਕਰਮਚਾਰੀ ਕਈ ਸਾਲਾਂ ਤੋਂ ਪੇਂਡੂ ਵਿਕਾਸ ਤੇ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ’ਚ ਅਹਿਮ ਭੂਮਿਕਾ ਨਿਭਾ ਰਹੇ ਹਨ, ਦੇ ਬਾਵਜੂਦ ਉਨ੍ਹਾਂ ਨੂੰ ਨਾ ਤਾਂ ਸਮੇਂ ਸਿਰ ਤਨਖ਼ਾਹ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਰੁਜ਼ਗਾਰ ਦੀ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਯੂਨੀਅਨ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਤੁਰੰਤ ਬਕਾਇਆ ਤਨਖ਼ਾਹਾਂ ਜਾਰੀ ਕਰ ਕੇ ਕਰਮਚਾਰੀਆਂ ਨੂੰ ਪੰਚਾਇਤ ਵਿਭਾਗ ’ਚ ਮਰਜ਼ ਕਰਨ ਸਮੇਤ ਪੱਕਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸ਼ੁਭਪ੍ਰੀਤ ਸਿੰਘ ਖ਼ਿਆਲਾਂ, ਕੁਲਦੀਪ ਸਿੰਘ ਬੋੜਾਵਾਲ, ਰਘਵੀਰ ਸਿੰਘ ਬੱਪੀਆਣਾ, ਰਾਜਪਾਲ ਕੌਰ ਬੀਰੋਕੇ, ਬਿੰਦੂ ਰਾਣੀ, ਵਿਜੇ ਲੱਛਮੀ, ਸਰਬਜੀਤ ਕੌਰ, ਕੁਲਵਿੰਦਰ ਸਿੰਘ, ਜਸਵੀਰ ਸਿੰਘ, ਜੱਗੂ ਗੇਹਲੇ ਆਦਿ ਹਾਜ਼ਰ ਸਨ।
ਮਨਰੇਗਾ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 25ਵੇਂ ਦਿਨ ’ਚ ਦਾਖਲ
ਅਜੀਤ ਡੈਸਕ
26-06-2026