ਮਾਨਸਾ, 28 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਛੋਟੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਕੀਤੀ ਗਈ । ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ । ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ 5 ਸਾਲ ਤੱਕ ਦੇ 67 ਹਜ਼ਾਰ 849 ਬੱਚਿਆਂ ਨੂੰ 28 ਤੋਂ 30 ਜੂਨ ਤੱਕ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ 28 ਹਜ਼ਾਰ 859 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 379 ਰੈਗੂਲਰ ਬੂਥ ਅਤੇ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ’ਤੇ ਪੋਲਿਓ ਬੂੰਦਾਂ ਪਿਲਾਉਣ ਲਈ 13 ਟਰਾਂਜ਼ਿਟ ਟੀਮਾਂ ਬਣਾਈਆਂ ਗਈਆਂ ਹਨ ਅਤੇ 73 ਸੁਪੋਰਟਿਵ ਸੁਪਰਵਾਈਜ਼ਰ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਦੂਜੇ ਤੇ ਤੀਜੇ ਦਿਨ ਵੀ ਬੱਚਿਆਂ ਨੂੰ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ। ਇਸ ਮੌਕੇ ਐਸ.ਐਮ.ਓ. ਡਾ. ਗੁਰਮੇਲ ਸਿੰਘ, ਨਰਸਿੰਗ ਸਿਸਟਰ ਗੁਰਵਿੰਦਰ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ-
ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਬੁਢਲਾਡਾ ਬਲਾਕ ’ਚ ਬੂਥ ਲਗਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਸਬ-ਡਵੀਜ਼ਨਲ ਸਿਵਲ ਹਸਪਤਾਲ ਬੁਢਲਾਡਾ ਦੇ ਐਸ.ਐਮ.ਓ. ਡਾ. ਸਤਿੰਦਰ ਕੌਰ ਨੇ ਦੱਸਿਆ ਕਿ ਵਿਭਾਗ ਵਲੋਂ ਸਥਾਪਿਤ ਕੀਤੇ 137 ਬੂਥਾਂ ’ਤੇ 500 ਤੋਂ ਵੱਧ ਕਰਮਚਾਰੀਆਂ ਨੇ ਵੱਡੀ ਗਿਣਤੀ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਹਨ ਜਦਕਿ ਬਾਕੀ ਰਹਿੰਦੇ ਟੀਚੇ ਨੂੰ ਪੂਰਾ ਕਰਨ ਲਈ ਅਗਲੇ 2 ਦਿਨ ਵਿਭਾਗ ਦੀਆਂ ਟੀਮਾਂ ਬੱਚਿਆਂ ਨੂੰ ਘਰ-ਘਰ ਜਾ ਕੇ ਬੂੰਦਾਂ ਪਿਲਾਉਣਗੀਆਂ। ਸਥਾਨਕ ਪਲਾਟ ਬਸਤੀ ਵਿਖੇ ਏ.ਐਨ.ਐਮ. ਅਮਨਦੀਪ ਕੌਰ ਦੀ ਅਗਵਾਈ ਹੇਠ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਬਲਾਕ ਮਾਸ ਮੀਡੀਆ ਅਫ਼ਸਰ ਹਰਬੰਸ ਲਾਲ, ਕੌਂਸਲਰ ਮਨਪ੍ਰੀਤ ਕੌਰ, ਗੋਲਡੀ ਰਸਵੰਤਾ, ਕੁਲਦੀਪ ਕੌਰ ਆਦਿ ਹਾਜ਼ਰ ਸਨ।
ਭੀਖੀ ਤੋਂ ਬਲਕਾਰ ਸਿੰਘ ਸਹੋਤਾ ਅਨੁਸਾਰ-
ਪੋਲੀਓ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਵੱਖ-ਵੱਖ ਥਾਵਾਂ ’ਤੇ ਪੋਲੀਓ ਰੋਕੂ ਬੂਥ ਲਗਾ ਕੇ 5 ਸਾਲ ਤੱਕ ਦੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਗਈਆਂ। ਐਸ.ਐਮ.ਓ. ਭੀਖੀ ਡਾ. ਸਤਿੰਦਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕਸਬੇ ’ਚ 6 ਵੱਖ-ਵੱਖ ਜਨਤਕ ਥਾਵਾਂ ’ਤੇ ਪੋਲੀਓ ਬੂਥ ਲਗਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਖ਼ੁਰਾਕ ਦਿੱਤੀ ਗਈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਬਚਾਉਣ ਲਈ ਸਿਹਤ ਵਿਭਾਗ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਪੋਲੀਓ ਅਜਿਹੀ ਗੰਭੀਰ ਬਿਮਾਰੀ ਹੈ ਕਿ ਜੇਕਰ ਬੱਚਾ ਇਸ ਦੀ ਲਪੇਟ ’ਚ ਆ ਜਾਵੇ ਤਾਂ ਉਮਰ ਭਰ ਲਈ ਅਪੰਗ ਹੋ ਜਾਂਦਾ ਹੈ। ਨਿਗਰਾਨੀ ਸੁਪਰਵਾਇਜਰ ਕਮਲਜੀਤ ਸਿੰਘ ਦੀ ਦੇਖ-ਰੇਖ ਹੇਠ ਭੀਖੀ ਤੋਂ ਇਲਾਵਾ ਮੋਹਰ ਸਿੰਘ ਵਾਲਾ, ਜੱਸੜਵਾਲਾ, ਧਲੇਵਾਂ, ਬੀਰ ਖ਼ੁਰਦ, ਹਮੀਰਗੜ੍ਹ ਢੈਪਈ, ਕੋਟੜਾ ਕਲਾਂ, ਸਮਾਓਂ, ਮੱਤੀ ਆਦਿ ਪਿੰਡਾਂ ’ਚ ਵੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।
ਸਰਦੂਲਗੜ੍ਹ ਤੋਂ ਜੀ.ਐਮ. ਅਰੋੜਾ ਅਨੁਸਾਰ-
ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਮੀਤ ਸਿੰਘ ਦੀ ਅਗਵਾਈ ਹੇਠ ਇੱਥੇ ਸਬ ਡਵੀਜ਼ਨਲ ਹਸਪਤਾਲ ਵਿਖੇ ਵਪਾਰ ਮੰਡਲ ਦੇ ਪ੍ਰਧਾਨ ਪ੍ਰੇਮ ਕੁਮਾਰ ਗਰਗ ਵਲੋਂ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਬੂਥ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ। ਉਨ੍ਹਾਂ ਦੱਸਿਆ ਕਿ ਬਲਾਕ ’ਚ 112 ਰੈਗੂਲਰ ਬੂਥ, 4 ਟਰਾਂਜ਼ਿਟ ਟੀਮਾਂ ਅਤੇ 6 ਮੋਬਾਇਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 7 ਹਜ਼ਾਰ 415 ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹਨ। ਇਸ ਮੌਕੇ ਸਿਹਤ ਕਰਮਚਾਰੀ ਰਵਿੰਦਰ ਸਿੰਘ ਰਵੀ, ਬਾਲ ਕ੍ਰਿਸ਼ਨ, ਰਜਨੀ ਰਾਣੀ ਆਦਿ ਹਾਜ਼ਰ ਸਨ।
ਮਾਨਸਾ ਜ਼ਿਲ੍ਹੇ ’ਚ 28859 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ
ਅਜੀਤ ਡੈਸਕ
29-06-2026