ਮਾਨਸਾ, 30 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਮਜ਼ਦੂਰ ਜਥੇਬੰਦੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ। ਮਜ਼ਦੂਰ ਆਗੂਆਂ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਮਜ਼ਦੂਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਸੱਤਾ ਦੇ ਸਾਢੇ 4 ਸਾਲ ਬਾਅਦ ਵੀ ਮੰਗਾਂ ਨੂੰ ਬੂਰ ਨਹੀਂ ਪਿਆ। ਉਲਟਾ ਕੇਂਦਰ ਸਰਕਾਰ ਦੀ ਨੀਤੀ ਨਾਲ ਸਹਿਮਤ ਹੋ ਕੇ ਮਗਨਰੇਗਾ ਕਾਨੂੰਨ ਨੂੰ ਜੀ ਰਾਮ ਜੀ ਸਕੀਮ ’ਚ ਬਦਲਣ ਦਾ ਮਤਾ ਪਾਸ ਕਰ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਗਿਆ ਤਾਂ 2 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਉਪਰੰਤ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਦੇ ਬਲਵਿੰਦਰ ਸਿੰਘ ਘਰਾਂਗਣਾਂ, ਪੰਜਾਬ ਖੇਤ ਮਜ਼ਦੂਰ ਸਭਾ ਦੇ ਕ੍ਰਿਸ਼ਨ ਚੌਹਾਨ, ਦਿਹਾਤੀ ਮਜ਼ਦੂਰ ਸਭਾ ਦੇ ਆਤਮਾ ਸਿੰਘ ਸਰਦੂਲਗੜ੍ਹ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬਲਜੀਤ ਸਿੰਘ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਨਿਰਮਲ ਸਿੰਘ ਖ਼ਾਲਸਾ ਬੀਰ ਖ਼ੁਰਦ, ਮਜ਼ਦੂਰ ਮੁਕਤੀ ਮੋਰਚਾ ਦੇ ਗੁਰਸੇਵਕ ਸਿੰਘ ਮਾਨ ਬੀਬੜੀਆਂ, ਪੰਜਾਬ ਖੇਤ ਮਜ਼ਦੂਰ ਸਭਾ ਦੇ ਰਤਨ ਭੋਲਾ, ਬੂਟਾ ਸਿੰਘ ਬਰਨਾਲਾ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਮਜ਼ਦੂਰ ਜਥੇਬੰਦੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਭੇਜਿਆ
ਅਜੀਤ ਡੈਸਕ
01-07-2026