ਮਾਨਸਾ, 1 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਮਾਨਸਾ ਦੇ ਪਿੰਡਾਂ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾਪੂਰਵਕ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਜਲਦੀ ਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਨਵਜੋਤ ਕੌਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ 12 ਫੁੱਟ ਗੁਣਾ 8 ਫੁੱਟ ਦੀ ਵੱਡੀ ਐਲ.ਈ.ਡੀ ਸਕਰੀਨ ਵਾਲੀ ਵੈਨ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਕਵਰ ਕਰੇਗੀ ਅਤੇ ਰੋਜ਼ਾਨਾ ਸ਼ਾਮ ਨੂੰ ਦੋ ਪਿੰਡਾਂ ਵਿਚ ਇਸ ਵੈਨ ਰਾਹੀਂ ਇਹ ਡਾਕੂਮੈਂਟਰੀ ਦਿਖਾਈ ਜਾਵੇਗੀ, ਜੋ 30 ਮਿੰਟ ਦੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਸਮੂਹ ਐਸ. ਡੀ. ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਸਬ ਡਵੀਜ਼ਨ ਪੱਧਰ ‘ਤੇ ਇਸ ਦੀ ਨਿਗਰਾਨੀ ਕਰਨ ਨੂੰ ਯਕੀਨੀ ਬਣਾਉਣ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜ਼ਿਲ੍ਹਾ ਪੱਧਰ ‘ਤੇ ਇਸ ਦੀ ਨਿਗਰਾਨੀ ਕਰਨਗੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਮੁੱਚੇ ਸੁਰੱਖਿਆ ਪ੍ਰਬੰਧ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਪਿੰਡਾਂ ‘ਚ ਢੁਕਵੀਂ ਜਗ੍ਹਾ ਦੀ ਚੋਣ, ਹੋਰ ਪ੍ਰਬੰਧਾਂ ਅਤੇ ਸਹੂਲਤਾਂ ਨੂੰ ਵੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ, ਹਰਜਿੰਦਰ ਸਿੰਘ ਜੱਸਲ ਤੇ ਗੁਰਮੀਤ ਕੁਮਾਰ ਕ੍ਰਮਵਾਰ ਐਸ. ਡੀ. ਐਮ. ਸਰਦੂਲਗੜ੍ਹ ਤੇ ਬੁਢਲਾਡਾ, ਮਨਮਹੋਨ ਸਿੰਘ ਔਲਖ ਐਸ. ਪੀ., ਹਰਜਿੰਦਰ ਸਿੰਘ ਗਿੱਲ ਡੀ.ਐਸ. ਪੀ. ਸਬ ਡਵੀਜ਼ਨ ਮਾਨਸਾ, ਕਵਿਤਾ ਗਰਗ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।