ਮਾਨਸਾ, 3 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਪ੍ਰਕਿਰਿਆ ਨੂੰ ਵਧੇਰੇ ਸੁਖਾਲਾ ਬਣਾਉਣ ਅਤੇ ਨਾਗਰਿਕਾਂ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਦੀ ਸਹੂਲਤ ਦੇਣ ਲਈ ਪੰਜਾਬ ਸਰਕਾਰ ਵਲੋਂ ਫ਼ੈਸਲਾ ਲਿਆ ਗਿਆ ਹੈ, ਜਿਸ ਤਹਿਤ 1 ਜੁਲਾਈ ਤੋਂ 30 ਸਤੰਬਰ ਤੱਕ ਕਈ ਪ੍ਰਮੁੱਖ ਨਾਗਰਿਕ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚੇ ਪੂਰੀ ਤਰ੍ਹਾਂ ਮੁਆਫ਼ ਕਰ ਦਿੱਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ 3 ਮਹੀਨਿਆਂ ਵਾਸਤੇ ਜਿਨ੍ਹਾਂ ਜ਼ਰੂਰੀ ਨਾਗਰਿਕ ਸੇਵਾਵਾਂ ‘ਚ ਛੋਟ ਦਿੱਤੀ ਗਈ ਹੈ, ਉਨ੍ਹਾਂ ‘ਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਨਵਾਂ ਜਨਮ ਸਰਟੀਫਿਕੇਟ ਬਣਵਾਉਣ, ਜਨਮ ਸਰਟੀਫਿਕੇਟ ‘ਚ ਤਰੁੱਟੀ ਦੂਰ ਕਰਨ ਅਤੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਡੁਪਲੀਕੇਟ ਸਰਟੀਫਿਕੇਟ ਜਾਰੀ ਕਰਨ ਵਰਗੀਆਂ ਪ੍ਰਮੁੱਖ ਸੇਵਾਵਾਂ ਸ਼ਾਮਿਲ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਲਾਭ ਸੇਵਾ ਕੇਂਦਰਾਂ, ਡੋਰ ਸਟੈਪ ਡਿਲੀਵਰੀ ਅਤੇ ਆਨਲਾਈਨ ਨਾਗਰਿਕ ਸੇਵਾਵਾਂ ਪੋਰਟਲ ਰਾਹੀਂ ਲਈਆਂ ਜਾਣ ਵਾਲੀਆਂ ਸੇਵਾਵਾਂ ‘ਤੇ ਇਕਸਾਰ ਲਾਗੂ ਹੋਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਏ ਗਏ ਇਸ ਲੋਕ-ਪੱਖੀ ਫ਼ੈਸਲੇ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਨਾਗਰਿਕ ਨੂੰ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਲੋੜੀਂਦੇ ਸਰਟੀਫਿਕੇਟ ਪ੍ਰਾਪਤ ਕਰਨ ਵੇਲੇ ਕਿਸੇ ਕਿਸਮ ਦੇ ਵਿੱਤੀ ਬੋਝ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਨਿਰਧਾਰਿਤ ਸਮੇਂ ਦੌਰਾਨ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਇਸ ਵਿਸ਼ੇਸ਼ ਛੋਟ ਦਾ ਵੱਧ ਤੋਂ ਵੱਧ ਲਾਭ ਉਠਾਉਣ।