ਮਾਨਸਾ, 13 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਜ਼ਿਲ੍ਹੇ ਦੇ ਸ਼ਹਿਰਾਂ/ਕਸਬਿਆਂ ‘ਚ ਥਾਂ-ਥਾਂ ਕੂੜੇ ਦੇ ਢੇਰ ਲੱਗ ਗਏ ਹਨ। ਅਜਿਹਾ ਹੋਣ ਕਰ ਕੇ ਜਿੱਥੇ ਲੋਕ ਪ੍ਰੇਸ਼ਾਨ ਹੋ ਰਹੇ ਹਨ ਉੱਥੇ ਬਿਮਾਰੀਆਂ ਫੈਲਣ ਦਾ ਵੀ ਖ਼ਦਸ਼ਾ ਹੈ। ਕੂੜੇ ਦੇ ਢੇਰਾਂ ਕੋਲੋਂ ਲੰਘਣ ਸਮੇਂ ਰਾਹਗੀਰਾਂ ਨੂੰ ਨੱਕ ‘ਤੇ ਰੁਮਾਲ ਰੱਖਣੀ ਪੈਂਦੀ ਹੈ। ਮਾਨਸਾ ਸ਼ਹਿਰ ਦੀ ਗੱਲ ਕੀਤੀ ਜਾਵੇ ਤਾਂ ਹਰ ਮੋੜ ਤੇ ਮੁਹੱਲਿਆਂ ‘ਚ ਗੰਦਗੀ ਦੇ ਢੇਰ ਨਿੱਤ-ਰੋਜ਼ ਵੱਡੇ ਹੋ ਰਹੇ ਹਨ। ਆਮ ਲੋਕਾਂ ਦਾ ਕਹਿਣਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਨੂੰ ਸਫ਼ਾਈ ਕਾਮਿਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈ ਕੇ ਹੜਤਾਲ ਪਹਿਲ ਦੇ ਆਧਾਰ ‘ਤੇ ਖ਼ਤਮ ਕਰਵਾਉਣੀ ਚਾਹੀਦੀ ਹੈ। ਉੱਧਰ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਫ਼ਾਈ ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਕੇ ਪ੍ਰਮੁੱਖ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਸਫ਼ਾਈ ਕਾਮਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਇਸੇ ਦਿਸ਼ਾ ਵਿਚ ਨਿਰੰਤਰ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਯੂਨੀਅਨ ਅਹੁਦੇਦਾਰਾਂ ਤੋਂ ਇਲਾਵਾ ਐਸ. ਡੀ. ਐਮ. ਮਾਨਸਾ ਬਲਜੀਤ ਕੌਰ, ਡੀ.ਐਸ.ਪੀ. ਪੁਸ਼ਪਿੰਦਰ ਸਿੰਘ ਗਿੱਲ ਤੇ ਹਰਜਿੰਦਰ ਸਿੰਘ ਗਿੱਲ ਤੇ ਕਾਰਜਸਾਧਕ ਅਫ਼ਸਰ ਵੀ ਹਾਜ਼ਰ ਸਨ।
ਬੋਹਾ ਦੇ ਸਫ਼ਾਈ ਕਰਮਚਾਰੀ 6ਵੇਂ ਦਿਨ ਵੀ ਹੜਤਾਲ ‘ਤੇ ਬੈਠੇ
ਬੋਹਾ ਤੋਂ ਰਮੇਸ਼ ਤਾਂਗੜੀ ਅਨੁਸਾਰ- ਨਗਰ ਪੰਚਾਇਤ ਬੋਹਾ ਦੇ ਸਫ਼ਾਈ ਕਰਮਚਾਰੀ 6ਵੇਂ ਦਿਨ ਵੀ ਹੜਤਾਲ ‘ਤੇ ਬੈਠੇ। ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਗੁਰਸੇਵਕ ਸਿੰਘ ਬੋਹਾ ਨੇ ਕਿਹਾ ਕਿ ਸਿਤਮ ਦੀ ਗੱਲ ਇਹ ਹੈ ਕਿ ਸਰਕਾਰ ਤੇ ਸਥਾਨਕ ਸਰਕਾਰਾਂ ਵਿਭਾਗ ਉਨ੍ਹਾਂ ਦੀਆਂ ਮੰਗਾਂ ਮੰਨਣ ਤੋਂ ਭੱਜ ਰਿਹਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਾਮੇ ਨਿਗੂਣੀ ਤਨਖ਼ਾਹ ‘ਤੇ ਕੰਮ ਕਰ ਰਹੇ ਹਨ, ਜਿਸ ਕਰ ਕੇ ਘਰਾਂ ਦਾ ਗੁਜ਼ਾਰਾ ਚਲਾਉਣਾ ਔਖਾ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੇ ਕੱਚੇ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਇਸ ਮੌਕੇ ਉਪ ਪ੍ਰਧਾਨ ਈਸ਼ਵਰ ਸਿੰਘ, ਸਕੱਤਰ ਮੋਹਨ ਲਾਲ, ਬਲਵੀਰ ਸਿੰਘ, ਅਵਤਾਰ ਸਿੰਘ, ਘਨੱਈਆ ਲਾਲ, ਬਾਲੀ ਸਿੰਘ, ਲਖਵਿੰਦਰ ਸਿੰਘ, ਸੁਨੀਲ ਕੁਮਾਰ, ਜਗਸੀਰ ਸਿੰਘ, ਗੁਰਤੇਜ ਸਿੰਘ, ਬਬਲੀ ਕੌਰ, ਰਾਜੂ ਕੁਮਾਰ, ਸੀਮਾ ਰਾਣੀ, ਸਰੋਜ ਰਾਣੀ, ਮਨਜਿੰਦਰ ਕੌਰ ਆਦਿ ਹਾਜ਼ਰ ਸਨ।
ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰਾਂ ’ਚ ਲੱਗੇ ਕੂੜੇ ਦੇ ਢੇਰ, ਲੋਕ ਪ੍ਰੇਸ਼ਾਨ
ਅਜੀਤ ਡੈਸਕ
14-07-2026