ਬਰੇਟਾ, 13 ਜੁਲਾਈ (ਪਾਲ ਸਿੰਘ ਮੰਡੇਰ)- ਸਫ਼ਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਵਿੱਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਜਾਣ ਨਾਲ ਲੋਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਸਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਬਰੇਟਾ ਇਕਾਈ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ, ਬਲਵਿੰਦਰ ਸਿੰਘ ਪਟਵਾਰੀ ਅਤੇ ਮੰਡਲ ਪ੍ਰਧਾਨ ਰਾਜ ਕੁਮਾਰ ਬਾਂਸਲ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ‘ਚ ਲੱਗੇ ਕੂੜੇ ਦੇ ਢੇਰਾਂ ਕੋਲ ਇਕੱਠੇ ਹੋ ਕੇ ਪੰਜਾਬ ਸਰਕਾਰ ਦੇ ਸਫ਼ਾਈ ਪ੍ਰਬੰਧਾਂ ‘ਤੇ ਸਵਾਲ ਉਠਾਏ। ਉਨ੍ਹਾਂ ਮੁੱਖ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਪੋਸਟਰ ਲਗਾਏ ਗਏ ਅਤੇ ਨਾਅਰੇਬਾਜ਼ੀ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ, ਜਿਸ ਨਾਲ ਗੰਦਗੀ ਫੈਲ ਰਹੀ ਹੈ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਕਰਨ ‘ਚ ਨਾਕਾਮ ਰਹੀ ਹੈ, ਜਿਸ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਮੌਕੇ ਸੂਰਜ ਪ੍ਰਕਾਸ਼, ਅਸ਼ੋਕ ਕੁਮਾਰ ਗੋਰਾ, ਓਮ ਲਾਲ ਬਾਲਮੀਕੀ, ਬਦਰੀ ਪ੍ਰਸ਼ਾਦ, ਨੀਰਜ ਕੁਮਾਰ, ਬਿੰਦਰ ਸਿੰਘ, ਮੋਤੀ ਸਿੰਘ, ਦਰਸ਼ਨ ਸਿੰਘ, ਪੁਨੀਤ ਮਿੱਤਲ, ਮੋਹਿਤ ਜਾਗੜਾ ਆਦਿ ਹਾਜ਼ਰ ਸਨ।
ਬਰੇਟਾ ’ਚ ਭਾਜਪਾ ਵਲੋਂ ਸਫ਼ਾਈ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ, ਮੁੱਖ ਮੰਤਰੀ ਤੇ ਹਲਕਾ ਵਿਧਾਇਕ ਖ਼ਿਲਾਫ਼ ਨਾਅਰੇਬਾਜ਼ੀ
ਅਜੀਤ ਡੈਸਕ
14-07-2026