ਮਾਨਸਾ, 15 ਜੁਲਾਈ (ਰਾਵਿੰਦਰ ਸਿੰਘ ਰਵੀ)- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਬਾਣੇ ਤੇ ਬਾਣੀ ਦੇ ਧਾਰਨੀ ਬਣਨਾ ਚਾਹੀਦਾ ਹੈ। ਇਹ ਪ੍ਰਗਟਾਵਾ ਗੁਰਦੁਆਰਾ ਸੂਲੀਸਰ ਸਾਹਿਬ ਕੋਟਧਰਮੂ ਵਿਖੇ ਗੁਰਮਤਿ ਕੈਂਪਾਂ ’ਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ ਨੇ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਉੱਦਮ ਨਾਲ ਲਗਾਏ ਜਾ ਰਹੇ ਗੁਰਮਤਿ ਕੈਂਪਾਂ ਦੀ ਸ਼ਲਾਘਾ ਕਰਦਿਆਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਰਹਿਤ ਮਰਿਆਦਾ ’ਚ ਰਹਿ ਕੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ’ਚ ਸਿੱਖ ਕੌਮ ਅਤੇ ਪੰਜਾਬ ਦਾ ਸਮਾਜਿਕ ਤਾਣਾ-ਬਾਣਾ ਚੁਣੌਤੀਪੂਰਨ ਤੇ ਨਾਜ਼ੁਕ ਦੌਰ ’ਚੋਂ ਗੁਜ਼ਰ ਰਿਹਾ ਹੈ। ਇੱਕ ਪਾਸੇ ਨਸ਼ਾ ਜਵਾਨੀ ਦੀਆਂ ਜੜਾਂ ਨੂੰ ਖੋਖਲਾ ਕਰ ਰਿਹਾ ਹੈ ਅਤੇ ਦੂਜੇ ਪਾਸੇ ਪੱਛਮੀ ਸਭਿਆਚਾਰ ਦਾ ਅੰਨ੍ਹਾ ਪ੍ਰਭਾਵ ਤੇ ਪਤਿਤਪੁਣੇ ਦੀ ਮਾਰ ਸਿਧਾਂਤਕ ਹਸਤੀ ਨੂੰ ਚੁਣੌਤੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੰਕਟਮਈ ਸਮੇਂ ’ਚ ਬੱਚਿਆਂ ਨੂੰ ਗੁਰਬਾਣੀ ਦੀ ਅੰਮ੍ਰਿਤ-ਬੂੰਦ, ਸ਼ਾਨਾਮੱਤੇ ਇਤਿਹਾਸ ਅਤੇ ਵਿਰਾਸਤੀ ਗੌਰਵ ਨਾਲ ਜੋੜਨਾ ਕੋਈ ਸਾਧਾਰਨ ਕਾਰਜ ਨਹੀਂ ਸਗੋਂ ਇਹ ਕੌਮ ਦੇ ਭਵਿੱਖੀ ਵਾਰਸਾਂ ਲਈ ਵੱਡਾ ਕਾਰਜ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਬੱਚਿਆਂ ਨੂੰ ਉੱਚੇ-ਸੁੱਚੇ ਆਚਰਨ ਅਤੇ ਗੁਰਮਤਿ ਸੰਸਕਾਰਾਂ ਦੀ ਦੌਲਤ ਨਾ ਦਿੱਤੀ ਤਾਂ ਆਧੁਨਿਕਤਾ ਦੀ ਅੰਨ੍ਹੀ ਦੌੜ ’ਚ ਆਪਣੀ ਨਸਲ ਹੀ ਗੁਆ ਬੈਠਾਂਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਰਾਏਪੁਰ, ਨਰਿੰਦਰਜੀਤ ਸਿੰਘ ਭਵਾਨੀਗੜ੍ਹ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਧਰਮ ਪ੍ਰਚਾਰ ਕਮੇਟੀ ਦੇ ਸਬ ਆਫ਼ਿਸ ਇੰਚਾਰਜ ਭੋਲਾ ਸਿੰਘ, ਤੁਲਸੀ ਸਿੰਘ ਆਦਿ ਹਾਜ਼ਰ ਸਨ।
ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਬਾਣੇ ਤੇ ਬਾਣੀ ਦੇ ਧਾਰਨੀ ਬਣਨ- ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ
ਅਜੀਤ ਡੈਸਕ
16-07-2026