ਬੁਢਲਾਡਾ, 22 ਜੁਲਾਈ (ਸੁਨੀਲ ਮਨਚੰਦਾ)- ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਨਵੀਂ ਦਿੱਲੀ ਦੇ ਜੰਤਰ-ਮੰਤਰ ਰੋਡ ‘ਤੇ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਪਰ ਕੀਤੇ ਲਾਠੀਚਾਰਜ ਅਤੇ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਖਨੌਰੀ ਸਰਹੱਦ ‘ਤੇ ਰੋਕਣ ਦੇ ਵਿਰੋਧ ‘ਚ ਬੁਢਲਾਡਾ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਭਾਰਤ ਇਕ ਲੋਕਤੰਤਰੀ ਦੇਸ਼ ਹੈ, ਜਿੱਥੇ ਹਰ ਨਾਗਰਿਕ ਨੂੰ ਸੰਵਿਧਾਨ ਵਲੋਂ ਆਪਣੀ ਗੱਲ ਕਹਿਣ, ਸ਼ਾਂਤਮਈ ਪ੍ਰਦਰਸ਼ਨ ਕਰਨ ਅਤੇ ਸਰਕਾਰ ਤੱਕ ਆਪਣੀਆਂ ਮੰਗਾਂ ਪਹੁੰਚਾਉਣ ਦਾ ਪੂਰਾ ਅਧਿਕਾਰ ਦਿੱਤਾ ਗਿਆ ਹੈ ਪਰ ਮੌਜੂਦਾ ਕੇਂਦਰ ਸਰਕਾਰ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਪੁਲਿਸ ਦੀਆਂ ਲਾਠੀਆਂ ਨਾਲ ਉਸ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਸਾਹਮਣੇ ਆ ਰਹੇ ਪੇਪਰ ਲੀਕ ਮਾਮਲਿਆਂ ਨੇ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾ ਦਿੱਤਾ ਹੈ। ਅਜਿਹੇ ਹਾਲਾਤਾਂ ਵਿਚ ਕੇਂਦਰ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵੱਲ ਜਾ ਰਹੀ ਕਿਸਾਨਾਂ-ਮਜ਼ਦੂਰਾਂ ਦਾ ਰਾਹ ਰੋਕ ਕੇ ਭਾਜਪਾ ਨੇ ਆਪਣਾ ਕਿਰਤੀ ਵਿਰੋਧੀ ਚਿਹਰਾ ਨੰਗਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਨਾਲ ਮਿਲੀ ਹੋਈ ਹੈ। ਇਸ ਮੌਕੇ ਹਰਬੰਸ ਸਿੰਘ ਖਿੱਪਲ, ਗੁਰਸ਼ਰਨ ਸਿੰਘ ਮਾਖਾ, ਸਤਪਾਲ ਸਿੰਘ ਮੂਲੇਵਾਲਾ, ਗੁਰਪ੍ਰੀਤ ਸਿੰਘ ਵਿੱਕੀ, ਨਵੀਨ ਕਾਲਾ, ਹਰਵਿੰਦਰਦੀਪ ਸਿੰਘ ਸਵੀਟੀ, ਅਮਰਿੰਦਰ ਸਿੰਘ ਚਹਿਲ, ਰਣਜੀਤ ਸਿੰਘ ਦੋਦੜਾ, ਤਰਜੀਤ ਸਿੰਘ ਚਹਿਲ, ਖੇਮ ਚੰਦ ਜਟਾਣਾ, ਅਰੂਣ ਕੁਮਾਰ ਗੋਇਲ, ਸੁਨੀਲ ਕੁਮਾਰ ਬੋਹਾ, ਰਜਿੰਦਰ ਸਿੰਘ ਕੋਹਲੀ, ਬਲਜੀਤ ਸਿੰਘ ਨੰਬਰਦਾਰ, ਗੁਰਵਿੰਦਰ ਸਿੰਘ ਸਵੀਟੀ, ਮਨੀਸ਼ ਕੁਮਾਰ ਗੋਇਲ, ਸਤਗੁਰ ਸਿੰਘ ਜਲਵੇੜਾ ਆਦਿ ਹਾਜ਼ਰ ਸਨ।