ਮਾਨਸਾ, 22 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਸਫ਼ਾਈ ਸੇਵਕ ਯੂਨੀਅਨ ਵਲੋਂ ਸਥਾਨਕ ਬੱਸ ਸਟੈਂਡ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਖਾਲੀ ਭਾਂਡੇ ਖੜਕਾ ਕੇ ਰੋਸ ਮਾਰਚ ਕੱਢਿਆ ਗਿਆ। ਉਨ੍ਹਾਂ ਪੰਜਾਬ ਸਰਕਾਰ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਜਾਇਜ਼ ਮੰਗਾਂ ਮੰਨਣ ਤੋਂ ਭੱਜ ਰਹੀ ਹੈ, ਜਿਸ ਕਰ ਕੇ ਕਾਮੇ ਹੜਤਾਲ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜ਼ਬਰਦਸਤੀ ਕਰਨ ਦੇ ਰਾਹ ਤੁਰ ਪਿਆ ਹੈ, ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੱਕੇ ਮੁਲਾਜ਼ਮਾਂ ਨੂੰ ਡਿਪਟੀ ਕਮਿਸ਼ਨਰ ਵਲੋਂ ਮੁਅੱਤਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਯੂਨੀਅਨ ਦੇ ਆਗੂਆਂ ਦੀ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਵੀ ਹੋਈ ਪਰ ਗੱਲ ਬੇਸਿੱਟਾ ਰਹੀ। ਕਰਮਚਾਰੀਆਂ ਨੇ ਅੱਜ ਇਹ ਸਹਿਮਤੀ ਦਿੱਤੀ ਕਿ ਲੋਕ ਭਲਾਈ ਲਈ ਸਿਰਫ਼ ਵਿੱਦਿਅਕ ਅਦਾਰਿਆਂ ਅਤੇ ਹਸਪਤਾਲਾਂ ਅੱਗਿਓਂ ਕੂੜੇ ਦੇ ਚੁੱਕ ਦਿੱਤੇ ਜਾਣਗੇ ਪਰ ਪ੍ਰਸ਼ਾਸਨਿਕ ਅਧਿਕਾਰੀ ਇਸ ਗੱਲ ‘ਤੇ ਅੜ ਗਏ ਕਿ ਸਾਰੇ ਸ਼ਹਿਰ ‘ਚੋਂ ਇਕ ਵਾਰ ਗੰਦਗੀ ਦੇ ਢੇਰ ਚੁੱਕੇ ਜਾਣ। ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਰੱਤੀ ਨੇ ਦੋਸ਼ ਲਗਾਇਆ ਕਿ ਕਾਮੇ ਹੜਤਾਲ ‘ਤੇ ਚੱਲ ਰਹੇ ਹਨ ਪਰ ਸਰਕਾਰ ਤੇ ਪ੍ਰਸ਼ਾਸਨ ਦੇ ਕੰਨ ‘ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਮੰਗ ਕੀਤੀ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਡੀ. ਏ. ਦਾ ਬਕਾਇਆ ਤੁਰੰਤ ਅਦਾ ਕਰਨ ਦੇ ਨਾਲ ਹੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ, ਮੁਕੇਸ਼ ਕੁਮਾਰ ਰੱਤੀ, ਸੁਖਦੇਵ ਮਲਿਕ, ਵਿਨੋਦ ਕੁਮਾਰ ਚੇਤਨ, ਰਾਜ ਕੁਮਾਰ, ਜਤਿੰਦਰ ਕੁਮਾਰ ਅਠਵਾਲ, ਕਮਲੇਸ਼ ਦੇਵੀ, ਕ੍ਰਿਸ਼ਨਾ ਦੇਵੀ ਆਦਿ ਸਨ। ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਕੁਲਦੀਪ ਸਿੰਘ ਧਾਲੀਵਾਲ ਨੇ ਸੰਪਰਕ ਕਰਨ ‘ਤੇ ਦੱਸਿਆ ਕਿ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਵਿਭਾਗ ਤੇ ਪ੍ਰਸ਼ਾਸਨ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਕਰਮਚਾਰੀਆਂ ਨੇ ਕੂੜੇ ਦੇ ਵੱਡੇ ਢੇਰ ਚੁੱਕਣ ਦਾ ਵਾਅਦਾ ਕੀਤਾ ਹੈ।