ਮਾਨਸਾ, 22 ਜੁਲਾਈ (ਵਿ.ਪ੍ਰਤੀ)- ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਫ਼ੈਸਲੇ ਅਨੁਸਾਰ ਨੈਸ਼ਨਲ ਫੂਡ ਸਕਿਉਰਿਟੀ ਐਕਟ 2013 ਤੇ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ’ਚ ਮੈਂਬਰ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ’ਚ ਮੈਂਬਰ ਸ਼ਾਮਲ ਕਰਨ ਲਈ ਫਾਰਮ ਅੰਗਰੇਜ਼ੀ ਤੇ ਪੰਜਾਬੀ ਭਾਸ਼ਾ ’ਚ ਵਿਭਾਗੀ ਵੈੱਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ ਅਤੇ ਅਰਜ਼ੀਆਂ ਨਜ਼ਦੀਕੀ ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ ਜਾਂ ਖ਼ੁਦ ਆਨਲਾਈਨ ਦਰਜ ਕਰਵਾਈਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਇਜ਼ ਅਤੇ ਖਪਤਕਾਰ ਮਾਮਲੇ ਦੇ ਜ਼ਿਲ੍ਹਾ ਦਫ਼ਤਰ ਵਿਖੇ ਵੀ ਅਰਜੀਆਂ ਜਮ੍ਹਾਂ ਹੋ ਸਕਣਗੀਆਂ। ਉਨ੍ਹਾਂ ਦੱਸਿਆ ਕਿ ਬਿਨੈਕਾਰ ਆਪਣੀ ਅਰਜ਼ੀ 22 ਜੁਲਾਈ ਤੋਂ 11 ਅਗਸਤ ਤੱਕ ਕਿਸੇ ਵੀ ਕੰਮਕਾਜੀ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਨਲਾਈਨ ਜਾਂ ਆਫਲਾਈਨ ਵਿਧੀ ਰਾਹੀਂ ਜਮ੍ਹਾਂ ਕਰਵਾ ਸਕਦਾ ਹੈ।